ਕਮਾਦ

ਇਸ ਸਮੇਂ ਇੰਝ ਕਰ ਸਕਦੇ ਹਾਂ ਕਮਾਦ ਵਿੱਚ ਕੀੜਿਆਂ ਦੀ ਰੋਕਥਾਮ

ਗੰਨਾ ਉਗਾਉਣ ਵਾਲੇ ਕਿਸਾਨਾਂ ਨੂੰ ਇਸ ਵਾਰ ਵੀ ਸਮਾਂ ਰਹਿੰਦੇ ਆਗ ਦੇ ਗੜੂਏ ਦੀ ਰੋਕਥਾਮ ਕਰ ਲੈਣੀ ਚਾਹੀਦੀ ਹੈ ਅਤੇ ਜੇਕਰ ਪ੍ਰਭਾਵੀ ਹੱਲ ਨਾ ਕੀਤੇ ਗਏ ਤਾ ਯਕੀਨਨ ਕਿਸਾਨ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਖੇਤੀ ਵਿਗਿਆਨੀਆਂ ਦਾ ਇਹੀ ਕਹਿਣਾ ਹੈ ਕਿ ਇਹ ਇਕ ਬਹੁਤ ਗੰਭੀਰ ਕੀੜਾ ਹੈ ਜਿਹੜਾ ਫ਼ਸਲ ਨੂੰ ਬਹੁਤ ਨੁਕਸਾਨ ਕਰਦਾ ਹੈ। ਫ਼ਸਲ ਦੇ ਪੂਰੇ ਸਮੇਂ ਵਿਚ ਇਸ ਕੀੜੇ ਦੀਆਂ 6 ਪੀੜੀਆਂ ਪਲਦੀਆਂ ਹਨ ਅਤੇ ਸੁੰਡੀ ਪੁਰਾਣੀ ਫ਼ਸਲ ਵਿਚ ਹੀ ਮੌਜੂਦ ਹੁੰਦੀ ਹੈ ਜੋ ਕਿ ਫਰਵਰੀ ਮਹੀਨੇ ਵਿਚ ਨਰ ਅਤੇ ਮਾਦਾ ਪਤੰਗਾ ਦੇ ਰੂਪ ਵਿਚ ਨਵੀਂ ਫ਼ਸਲ ਉਪਰ ਆਂਡੇ ਦਿੰਦੀ ਹੈ।

ਇਸ ਹਾਲਤ ਵਿਚ ਕੀੜੇ ਦਾ ਪ੍ਰਸਾਰ ਹੋਣਾ ਸ਼ੁਰੂ ਹੋ ਜਾਂਦਾ ਹੈ ਇਸ ਕੀੜੇ ਦੀ ਮਾਦਾ 100 -250 ਤੱਕ ਆਂਡੇ ਦੇਣ ਦੀ ਸਮਰੱਥਾ ਰੱਖਦੀ ਹੈ। ਇਸਤੋਂ ਬਣੇ ਕੀੜੇ ਗੰਨੇ ਦੀ ਵਿਚਾਲੜੀ ਨਾੜੀ ਵਿਚ ਸੁਰੰਗ ਬਣਾ ਕੇ ਪੌਦੇ ਵਿਚ ਪ੍ਰਵੇਸ਼ ਕਰਦੇ ਹਨ ਅਤੇ ਹੇਠਾਂ ਨੂੰ ਪੌਦੇ ਨੂੰ ਖਾਂਦੇ ਆਉਂਦੇ ਹਨ ਨਤੀਜੇ ਵਜੋਂ ਪੌਦਾ ਮਰਨ ਵਰਗਾ ਹੋ ਜਾਂਦਾ ਹੈ। ਇਸ ਦੀ ਪਹਿਚਾਣ ਇਹ ਹੈ ਕਿ ਪੌਦੇ ਦੇ ਕਿਨਾਰੇ ਵਾਲੇ ਪੱਤੇ ਤੇ ਛੇਦ ਦਿਖਾਈ ਦਿੰਦੇ ਹਨ। ਮਾਰਚ ਦੇ ਅਖਰੀਲੇ ਹਫਤੇ ਵਿਚ ਦੂਜੀ ਪੀੜੀ ਦੀ ਸ਼ੁਰੂਆਤ ਹੋ ਜਾਂਦੀ ਹੈ। ਮਈ ਵਿਚ ਤੀਜੀ ਪੀੜੀ ਦੀ ਸ਼ੁਰੂਆਤ ਹੋ ਜਾਂਦੀ ਹੈ ਜਿਸਦੇ ਕਾਰਨ ਜੂਨ ਵਿਚ ਫ਼ਸਲ ਨੂੰ ਕਾਫੀ ਨੁਕਸਾਨ ਹੁੰਦਾ ਹੈ। ਇਸ ਵਾਰ ਪਹਿਲੀ ਦੂਜੀ ਅਤੇ ਤੀਜੀ ਪੀੜੀ ਦੇ ਹਮਲੇ ਦੀ ਜਿਆਦੀ ਸੰਭਾਵਨਾ ਹੈ। Co -0238 ਅਤੇ ਹੋਰ ਬਹੁਤ ਸਾਰੀਆਂ ਕਿਸਮਾਂ ਵਿਚ ਇਸਦਾ ਹਮਲਾ ਜ਼ਿਆਦਾ ਮਿਲ ਰਿਹਾ ਹੈ। ਇਸ ਲਈ ਸ਼ੁਰੂਆਤੀ ਸਮੇਂ ਵਿਚ ਹੀ ਇਸਦੀ ਰੋਕਥਾਮ ਕਰੋ ।

ਰੋਕਥਾਮ ਕਰਨ ਲਈ ਹੇਠਾਂ ਦਿਤੇ ਵਰਤੋਂ ਤਰੀਕੇ :-

 1. ਨਰ ਅਤੇ ਮਾਦਾ ਨੂੰ ਸਵੇਰ ਦੇ 9 ਵਜੇ ਤਕ ਫੜ ਕੇ ਮਾਰ ਦਿਓ।
 2. ਹਮਲੇ ਵਾਲੇ ਪੜਸੂਏ ਅਪ੍ਰੈਲ ਅਤੇ ਜੂਨ ਦੇ ਦੌਰਾਨ ਕੱਟ ਦਿਉ।
 3. ਪੱਤਿਆਂ ਉਪਰ ਜਮਾ ਹੋਏ ਆਂਡਿਆਂ ਵਾਲੇ ਪੱਤਿਆਂ ਨੂੰ ਤੋੜ ਕੇ ਨਸ਼ਟ ਕਰ ਦਿਓ।
 4. Imidacloprid 17.8 SL @ 140 ml ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ। ਖੇਤਾਂ ਵਿਚ ਫੇਰੋਮੋਨ ਟ੍ਰੈਪ ਲਓ।
 5. Chlorantraniliprole 18.5 % w/w @60 ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸਦੇ ਆਂਡੇ ਖਾਨ ਵਾਲਾ trichogramma japonicum ਪਰਜੀਵੀ ਨੂੰ 4 -5 ਲਗਾਤਾਰ ਟ੍ਰਾਇ ਕਾਰਡ ਹਰ 15 ਦਿਨ ਤੇ ਖੇਤਾਂ ਵਿਚ ਛੱਡੋ ਉਸ ਖੇਤ ਵਿਚ ਕੋਈ ਵੀ ਕੋਈ ਵੀ ਕੀਟਨਾਸ਼ਕ ਦੀ ਸਪਰੇ ਨਾ ਕਰੋ
 6. ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ (ਜੇਕਰ ਹਮਲਾ 5% ਤੋਂ ਵੱਧ ਹੋਵੇ) ਪ੍ਰਤੀ ਏਕੜ ਦੇਹਿਸਾਬ 10 ਕਿਲੋ ਫਰਟੇਰਾ 0.4 ਜੀ ਆਰ ਜਾਂ 12 ਕਿਲੋ ਫਿਊਰਾਡਾਨ/ਡਾਈਫਿਊਰਾਨ/ਫਿਊਰਾਕਾਰਬ/ਕਾਰਬੋਸਿਲ/ਫ਼ਿਊਰੀ 3 ਜੀ ਦੇ ਕੈਪਸੂਲ (ਕਾਰਬੋਫ਼ੂਰਾਨ) ਨੂੰ ਸ਼ਾਖਾਂ ਦੇ ਮੁੱਢਾਂ ਨੇੜੇ ਪਾਉ ਅਤੇ ਮੁੱਢਾਂ ਨੂੰ ਹਲਕੀ ਮਿੱਟੀ ਚਾੜ੍ਹ ਕੇ ਖੇਤ ਨੂੰ ਪਾਣੀ ਲਾ ਦਿਉ। ਇਸ ਤਰ੍ਹਾਂ ਆਗ ਦੇ ਗੜੂੰਏਂ ਦੀ ਤੀਸਰੀ ਪੀੜੀ ਨਸ਼ਟ ਹੋ ਜਾਵੇਗੀ। ਜੋ ਸਭ ਤੋਂ ਵੱਧ ਨੁਕਸਾਨ ਕਰਦੀ ਹੈ।ਜਿਸ ਵਿਅਕਤੀ ਨੇ ਇਸ ਕੀਟਨਾਸ਼ਕ ਨੂੰ ਖੇਤ ਵਿੱਚ ਪਾਉਣ ਦਾ ਕੰਮ ਕੀਤਾ ਹੋਵੇ ਉਹ ਕੁੱਝ ਖਾਣ ਪੀਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਕਈ ਵਾਰ ਸਾਬਣ ਨਾਲ ਜਰੂਰ ਧੋ ਲਵੇ।

ਕਮਾਦ ਦਾ ਘੋੜਾ (ਪਾਇਰਿੱਲਾ): ਇਹ ਕੀੜਾ ਕਮਾਦ ਦੇ ਝਾੜ ਅਤੇ ਗੰਨੇ ਦੀ ਮਿਠਾਸ ਦੀ ਮਾਤਰਾ ਬਹੁਤ ਘਟਾ ਦਿੰਦਾ ਹੈ। ਇਹ ਕੀੜਾ ਅਪ੍ਰੈਲ-ਮਈ ਵਿੱਚ ਪਹਿਲੀ ਵਾਰ ਨਜ਼ਰ ਆਉਂਦਾ ਹੈ ਅਤੇ ਅਗਸਤ ਤੋਂ ਸਤੰਬਰ ਵਿੱਚ ਬਹੁਤ ਗੰਭੀਰ ਹਮਲਾ ਕਰਦਾ ਹੈ। ਹਮਲੇ ਵਾਲੇ ਬੂਟੇ ਦੇ ਪੱਤੇ ਪੀਲੇ ਹੋ ਜਾਂਦੇ ਹਨ। ਹਮਲੇ ਦੇ ਅਗਲੇ ਪੜਾਅ ਤੇ ਸਾਰੇ ਆਗ ਕਾਲੇ ਹੋ ਜਾਂਦੇ ਹਨ ਅਤੇ ਪਸ਼ੂਆਂ ਨੂੰ ਪਾਉਣ ਦੇ ਯੋਗ ਨਹੀਂ ਰਹਿੰਦੇ। ਭਾਰੀ ਫ਼ਸਲ ਉੱਪਰ ਇਸ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਫ਼ਸਲ ਦਾ ਜ਼ਿਆਦਾ ਨੁਕਸਾਨ ਖੇਤ ਦੇ ਵਿਚਕਾਰਲੇ ਹਿੱਸੇ ਵਿੱਚ ਹੁੰਦਾ ਹੈ। ਜਿਸ ਸਾਲ ਇਸ ਦਾ ਹਮਲਾ ਬਹੁਤ ਜ਼ਿਆਦਾ ਹੋ ਜਾਵੇ ਤਾਂ ਗੁੜ ਵੀ ਠੀਕ ਨਹੀਂ ਬਣਦਾ। ਇਸ ਦੀ ਰੋਕਥਾਮ ਲਈ 600 ਮਿਲੀਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫਾਸ) ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਹੱਥ ਵਾਲੇ ਸਪਰੇ ਪੰਪ ਨਾਲ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

ਤਣੇ ਦਾ ਗੜੂੰਆਂ ਜਾਂ ਤਰਾਈ ਗੜੂੰਆਂ: ਇਹ ਕੀੜਾ ਸਾਰਾ ਸਾਲ ਹੀ ਸਰਗਰਮ ਰਹਿੰਦਾ ਹੈ। ਇਸ ਕੀੜੇ ਦੀਆਂ ਸੁੰਡੀਆਂ ਸਰਦੀਆਂ ਵਿੱਚ ਨਵੇਂ ਪੜਸੂਇਆਂ ਜਾਂ ਮੁੱਢਾਂ ਵਿੱਚ ਰਹਿੰਦੀਆਂ ਹਨ। ਇਨ੍ਹਾਂ ਦਾ ਹਮਲਾ ਅਪ੍ਰੈਲ, ਮਈ ਅਤੇ ਜੂਨ ਵਿੱਚ ਕੁਝ ਘੱਟ ਹੁੰਦਾ ਹੈ ਪਰ ਜੁਲਾਈ ਵਿੱਚ ਵਧ ਜਾਂਦਾ ਹੈ। ਅਕਤੂਬਰ ਅਤੇ ਨਵੰਬਰ ਵਿੱਚ ਇਹ ਸਭ ਤੋਂ ਵੱਧ ਸਰਗਰਮ ਹੁੰਦਾ ਹੈ। ਇਸ ਕੀੜੇ ਦੀਆਂ ਬਾਹਰਲੀਆਂ ਕੋਈ ਨਿਸ਼ਾਨੀਆਂ ਨਹੀਂ ਹਨ। ਇਸ ਕੀੜੇ ਦੀਆਂ ਤਣੇ ਵਿੱਚ ਵੜਨ ਅਤੇ ਨਿਕਲਣ ਵਾਲੀਆਂ ਮੋਰੀਆਂ ਕੇਵਲ ਗੰਨਾ ਛਿਲ ਕੇ ਹੀ ਵੇਖੀਆਂ ਜਾ ਸਕਦੀਆਂ ਹਨ। ਇਕ ਸੁੰਡੀ ਕਈ ਵਾਰ ਤਿੰਨ ਗੰਢਾਂ ਤੱਕ ਨੁਕਸਾਨ ਕਰ ਦਿੰਦੀ ਹੈ ਅਤੇ ਗੰਨੇ ਉਪਰ ਕਈ ਥਾਵਾਂ ਤੇ ਹਮਲਾ ਕਰਦੀ ਹੈ। ਗੰਭੀਰ ਹਮਲੇ ਦੀ ਸੂਰਤ ਵਿੱਚ ਗੰਨੇ ਦੇ ਝਾੜ ਅਤੇ ਮਿਠਾਸ ਵਾਲੇ ਤੱਤਾਂ ਤੇ ਬਹੁਤ ਅਸਰ ਪੈਂਦਾ ਹੈ।

ਇਸ ਦੀ ਰੋਕਥਾਮ ਲਈ ਹੇਠਾਂ ਦੱਸੀਆਂ ਸਿਫ਼ਾਰਸ਼ਾਂ ‘ਤੇ ਅਮਲ ਕਰੋ:

 • ਹਮਲੇ ਵਾਲੇ ਖੇਤ ਵਿੱਚੋਂ ਬੀਜ ਨਾ ਲਓ।
 • ਟਰਾਈਕੋਗਰਾਮਾ ਕਿਲੋਨਸ ਮਿੱਤਰ ਕੀੜੇ ਵਾਲਾ ਇੱਕ ਟਰਾਈਕੋ-ਕਾਰਡ (20,000 ਪ੍ਰਜੀਵੀ ਅੰਡੇ ਪ੍ਰਤੀ ਏਕੜ) ਨੂੰ 5×0.75 ਸੈ.ਮੀ. ਦੇ ਆਕਾਰ ਦੇ 40 ਛੋਟੇ ਬਰਾਬਰ ਹਿੱਸਿਆਂ ਵਿੱਚ ਕੱਟ ਕੇ ਜੁਲਾਈ ਤੋਂ ਅਕਤੂਬਰ ਦੌਰਾਨ (10-12 ਵਾਰੀ) 10 ਦਿਨ ਦੇ ਵਕਫੇ ਤੇ ਪੱਤਿਆਂ ਦੇ ਹੇਠਲੇ ਪਾਸੇ ਇਕ ਏਕੜ ਖੇਤ ਵਿੱਚ 40 ਥਾਂਵਾਂ ਤੇ ਸ਼ਾਮ ਵੇਲੇ ਨੱਥੀ ਕਰੋ। ਹਰ ਛੋਟੇ ਹਿੱਸੇ ਉੱਪਰ ਤਕਰੀਬਨ 500 ਅੰਡੇ ਲੱਗੇ ਹੁੰਦੇ ਹਨ।
 • ਰੋਕਥਾਮ ਲਈ ਟਰਾਈਕੋਕਾਰਡਾਂ ਦੀ ਪਹਿਲੀਆਂ ਸ਼ਿਫਾਰਸ਼ਾਂ ਅਨੁਸਾਰ ਵਰਤੋਂ ਦੇ ਨਾਲ-ਨਾਲ ਜੁਲਾਈ ਤੋਂ ਅਕਤੂਬਰ ਮਹੀਨਿਆਂ ਦੌਰਾਨ 10 ਫੀਰੋਮੋਨ ਟਰੈਪ ਪ੍ਰਤੀ ਏਕੜ ਸ਼ਿਫਾਰਸ਼ ਕੀਤੀ ਗਈ ਹੈ। ਫੀਰੋਮੋਨ ਲਿਊਰ ਨੂੰ ਇੱਕ ਮਹੀਨੇ ਦੇ ਵਕਫੇ ਤੇ ਬਦਲੋ।
 • ਫ਼ਸਲ ਕੱਟਣ ਵੇਲੇ ਸਾਰੇ ਪੜਸੂਏ ਵੀ ਕੱਟ ਦਿਉ।
 • ਇਸ ਕੀੜੇ ਦੀ ਮਾਰ ਵਾਲੀ ਫ਼ਸਲ ਮੂਢੀ ਨਾ ਰੱਖੋ। ਫ਼ਸਲ ਕੱਟ ਕੇ ਖੇਤ ਵਾਹੋ ਅਤੇ ਮੁੱਢ ਵਗੈਰਾ ਇਕੱਠੇ ਕਰਕੇ ਨਸ਼ਟ ਕਰ ਦਿਓ।

ਤੁਸੀਂ ਜਾਣਿਆ ਕਿਵੇਂ ਕਰ ਸਕਦੇ ਹਾਂ ਗੰਨੇ ਦੇ ਕੀੜਿਆਂ ਦੀ ਰੋਕਥਾਮ, ਇਸ ਤੋਂ ਇਲਾਵਾ ਮਾਹਿਰਾਂ ਨਾਲ ਕੋਈ ਹੋਰ ਸਵਾਲ ਪੁੱਛਣਾ ਚਾਹੁੰਦੇ ਹੋ ਤਾਂ ਆਪਣੀ ਖੇਤੀ ਮੋਬਾਈਲ ਐਪ ਡਾਊਨਲੋਡ ਕਰੋ।

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ