soyabean farming

ਕਿਵੇਂ ਕੀਤੀ ਜਾ ਸਕਦੀ ਹੈ ਸੋਇਆਬੀਨ ਦੀ ਖੇਤੀ

ਸੋਇਆਬੀਨ ਨੂੰ ਗੋਲਡਨ ਬੀਨਸ ਵੀ ਕਿਹਾ ਜਾਂਦਾ ਹੈ, ਜੋ ਕਿ ਫਲੀਦਾਰ ਪ੍ਰਜਾਤੀ ਨਾਲ ਸੰਬੰਧ ਰੱਖਦੀ ਹੈ। ਇਹ ਪ੍ਰੋਟੀਨ ਦੇ ਨਾਲ-ਨਾਲ ਰੇਸ਼ੇ ਦਾ ਵੀ ਚੰਗਾ ਸ੍ਰੋਤ ਹੈ। ਕਿਸਾਨਾਂ ਨੂੰ ਸੋਇਆਬੀਨ ਦੀ ਖੇਤੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਆਮਦਨ ਦਾ ਵਧੀਆ ਸਰੋਤ ਹੈ। ਆਓ ਜਾਣਦੇ ਹਾਂ ਸੋਇਆਬੀਨ ਦੀ ਖੇਤੀ ਕਦੋਂ ਕੀਤੀ ਜਾਂਦੀ ਹੈ ਅਤੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਜ਼ਮੀਨ: ਇਹ ਫ਼ਸਲ ਭਾਂਤ-ਭਾਂਤ ਦੀਆਂ ਜ਼ਮੀਨਾਂ ਵਿੱਚ ਬੀਜੀ ਜਾ ਸਕਦੀ ਹੈ ਪਰ ਚੰਗੇ ਜਲ ਨਿਕਾਸ ਵਾਲੀਆਂ, ਲੂਣ ਤੇ ਖਾਰ ਤੋਂ ਰਹਿਤ ਉਪਜਾਊ ਜ਼ਮੀਨਾਂ ਇਸ ਦੀ ਕਾਸ਼ਤ ਲਈ ਬਹੁਤ ਚੰਗੀਆਂ ਹਨ।

ਫ਼ਸਲ ਚੱਕਰ: ਸੋਇਆਬੀਨ-ਕਣਕ/ਜੌਂ, ਸੋਇਆਬੀਨ-ਗੋਭੀ ਸਰ੍ਹੋਂ (ਪਨੀਰੀ ਦੁਆਰਾ)

ਉੱਨਤ ਕਿਸਮਾਂ:

  • ਐਸ ਐਲ 958
  • ਐਸ ਐਲ 744
  • ਐਸ ਐਲ 525
 

ਕਾਸ਼ਤ ਦੇ ਢੰਗ:

 

ਜ਼ਮੀਨ ਦੀ ਤਿਆਰੀ

ਜ਼ਮੀਨ ਨੂੰ ਦੋ ਵਾਰ ਵਾਹ ਕੇ ਅਤੇ ਪਿੱਛੋਂ ਹਰ ਵਾਰ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਵਿੱਚ ਢੇਲੇ ਨਾ ਰਹਿਣ ਦਿਉ। ਖੇਤ ਭੁਰਭੁਰਾ ਹੋਵੇ ਤਾਂ ਕਿ ਬੀਜ ਦਾ ਪੁੰਗਾਰ ਠੀਕ ਹੋਵੇ।

 

ਬੀਜ ਦੀ ਮਾਤਰਾ

25-30 ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਵਰਤੋ।

 

ਬੀਜ ਨੂੰ ਟੀਕਾ ਲਾਉਣਾ

ਇੱਕ ਏਕੜ ਦੇ ਬੀਜ ਨੂੰ ਘੱਟ ਤੋਂ ਘੱਟ ਪਾਣੀ ਨਾਲ ਸਿੱਲ੍ਹਾ ਕਰਕੇ ਇਸ ਵਿੱਚ ਬਰੈਡੀਰਾਈਜ਼ੋਬੀਅਮ (ਐਲ ਐਸ ਬੀ ਆਰ 3) ਦੇ ਇੱਕ ਪੈਕਟ ਨੂੰ ਚੰਗੀ ਤਰ੍ਹਾਂ ਰਲਾਓ ਅਤੇ ਇਸ ਨੂੰ ਛਾਂ ਵਿੱਚ ਸੁਕਾ ਕੇ ਤੁਰੰਤ ਬੀਜ ਦਿਉ। ਇਸ ਟੀਕੇ ਦੀ ਵਰਤੋਂ ਨਾਲ 4 ਤੋਂ 8% ਵੱਧ ਝਾੜ ਲਿਆ ਜਾ ਸਕਦਾ ਹੈ।

 

ਬੀਜ ਨੂੰ ਰੋਗ ਰਹਿਤ ਕਰਨਾ

ਬੀਜ ਨੂੰ ਰਸਾਇਣਾਂ ਨਾਲ ਸੋਧ ਕੇ ਬੀਜਣ ਨਾਲ ਜ਼ਮੀਨ ਵਿਚਲੀਆਂ ਬਿਮਾਰੀਆਂ ਨਹੀਂ ਲੱਗਦੀਆਂ । ਬੀਜ ਦੀ ਸੋਧ, ਬਿਜਾਈ ਤੋਂ ਪਹਿਲਾਂ ਕਿਸੇ ਸਮੇਂ ਵੀ ਕੀਤੀ ਜਾ ਸਕਦੀ ਹੈ। ਇੱਕ ਕਿਲੋ ਬੀਜ ਲਈ 3 ਗ੍ਰਾਮ ਕੈਪਟਾਨ ਜਾਂ ਥੀਰਮ ਦਵਾਈ ਵਰਤੋ। ਜਦੋਂ ਸੋਇਆਬੀਨ ਪਹਿਲੀ ਵਾਰੀ ਖੇਤ ਵਿੱਚ ਬੀਜਣੀ ਹੋਵੇ ਤਾਂ ਬੀਜ ਨੂੰ ਟੀਕਾ ਲਾਉਣਾ ਚਾਹੀਦਾ ਹੈ।

 

ਬਿਜਾਈ ਦਾ ਸਮਾਂ ਤੇ ਢੰਗ

ਫ਼ਸਲ ਦੀ ਬਿਜਾਈ ਚੰਗੇ ਵੱਤਰ ਵਿੱਚ ਕਰੋ। ਇਸ ਲਈ ਜੇਕਰ ਵਰਖਾ ਨਾ ਹੋਵੇ ਤਾਂ ਪਹਿਲਾਂ ਰੌਣੀ ਕਰ ਲਉ। ਬਿਜਾਈ ਪਿੱਛੋਂ ਵਰਖਾ ਫ਼ਸਲ ਦੇ ਉੱਗਣ ਤੇ ਮਾੜਾ ਅਸਰ ਪਾਉਂਦੀ ਹੈ। ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰੋ। ਬੀਜ 2.5 ਤੋਂ 5 ਸੈਂਟੀਮੀਟਰ ਡੂੰਘਾ ਬੀਜੋ ਅਤੇ ਬੂਟਿਆਂ ਤੇ ਕਤਾਰਾਂ ਵਿੱਚ ਫ਼ਾਸਲਾ ਕ੍ਰਮਵਾਰ 4-5 ਸੈਂਟੀਮੀਟਰ ਅਤੇ 45 ਸੈਂਟੀਮੀਟਰ ਰੱਖੋ।

 

ਬਿਨਾਂ ਵਹਾਈ ਬਿਜਾਈ

ਸੋਇਆਬੀਨ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਵਾਹ ਕੇ ਜਾਂ ਬਿਨਾਂ ਵਹਾਈ ਬੀਜੀ ਕਣਕ ਤੋਂ ਬਾਅਦ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਨਦੀਨ ਜ਼ਿਆਦਾ ਹੋਣ ਉੱਥੇ ਅੱਧਾ ਲੀਟਰ ਗ੍ਰਾਮੈਕਸੋਨ 200 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਣ ਨਾਲ ਬੀਜਣ ਤੋਂ ਪਹਿਲਾਂ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ।

 

ਬੈਡ ਉਤੇ ਸੋਇਆਬੀਨ ਦੀ ਬਿਜਾਈ

ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਸੋਇਆਬੀਨ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ਤੇ ਤਿਆਰ ਕੀਤੇ ਬੈਡਾਂ (37.5 ਸੈਂਟੀਮੀਟਰ ਬੈਡ ਤੇ 30 ਸੈਂਟੀਮੀਟਰ ਖਾਲੀ) ਉੱਤੇ ਕੀਤੀ ਜਾ ਸਕਦੀ ਹੈ । ਸੋਇਆਬੀਨ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ ਬੀਜੋ। ਬਾਕੀ ਕਾਸ਼ਤਕਾਰੀ ਢੰਗ, ਬੀਜ, ਖਾਦ ਆਦਿ ਦੀ ਮਾਤਰਾ ਪਹਿਲਾਂ ਕੀਤੀ ਗਈ ਸਿਫ਼ਾਰਸ਼ ਮੁਤਾਬਿਕ ਵਰਤੋ। ਸਿੰਚਾਈ ਖਾਲੀਆਂ ਦੁਆਰਾ ਹੀ ਕੀਤੀ ਜਾਵੇ ਤਾਂ ਜੋ ਪਾਣੀ ਵੱਟਾਂ ਉੱਤੋਂ ਦੀ ਨਾ ਵਗੇ। ਅਜਿਹਾ ਕਰਨ ਨਾਲ ਫ਼ਸਲ ਨੂੰ ਖਾਸ ਕਰਕੇ ਉੱਗਣ ਸਮੇਂ ਨਾ ਸਿਰਫ਼ ਮੀਂਹ ਦੇ ਨੁਕਸਾਨ ਤੋਂ ਹੀ ਬਚਾਇਆ ਜਾ ਸਕਦਾ ਹੈ ਸਗੋਂ ਪੱਧਰੀ ਬਿਜਾਈ ਦੇ ਮੁਕਾਬਲੇ ਜ਼ਿਆਦਾ ਝਾੜ ਪ੍ਰਾਪਤ ਹੁੰਦਾ ਹੈ ਅਤੇ 20-30 ਪ੍ਰਤੀਸ਼ਤ ਪਾਣੀ ਦੀ ਬੱਚਤ ਵੀ ਹੁੰਦੀ ਹੈ। ਫ਼ਸਲ ਦੇ ਸਹੀ ਜਮਾਅ ਲਈ ਬਿਜਾਈ ਵੇਲੇ ਪੂਰਾ ਵੱਤਰ ਹੋਣਾ ਜ਼ਰੂਰੀ ਹੈ ਅਤੇ ਅਜਿਹਾ ਨਾ ਹੋਣ ਦੀ ਸਥਿਤੀ ਵਿੱਚ ਬਿਜਾਈ ਤੋਂ 2-3 ਦਿਨ ਬਾਅਦ ਖਾਲੀਆਂ ਵਿੱਚ ਪਾਣੀ ਲਗਾ ਦੇਣਾ ਚਾਹੀਦਾ ਹੈ।

 

ਰਲਵੀਂ ਫ਼ਸਲ ਬੀਜਣਾ

ਸੋਇਆਬੀਨ ਨੂੰ ਬੜੀ ਸਫ਼ਲਤਾ ਨਾਲ ਮੱਕੀ ਵਿੱਚ ਉਗਾਇਆ ਜਾ ਸਕਦਾ ਹੈ। ਸੋਇਆਬੀਨ ਦੀ ਇੱਕ-ਇੱਕ ਲਾਈਨ 60 ਸੈਂਟੀਮੀਟਰ ਦੀ ਵਿੱਥ ਤੇ ਬੀਜੀ ਗਈ ਮੱਕੀ ਦੀਆਂ ਲਾਈਨਾਂ ਵਿਚਕਾਰ ਬੀਜੋ।

 

ਨਮੀ ਦੀ ਸੰਭਾਲ

ਕਤਾਰਾਂ ਨੂੰ ਕਣਕ ਦੇ ਨਾੜ ਜਾਂ ਝੋਨੇ ਦੀ ਪਰਾਲੀ ਨਾਲ ਢੱਕ ਦਿਉ ਤਾਂ ਕਿ ਨਮੀ ਸਾਂਭੀ ਰਹੇ ਜਿਸ ਨਾਲ ਬੀਜ ਚੰਗੇ ਉੱਗ ਸਕਣ ਅਤੇ ਬੂਟੇ ਠੀਕ ਨਿਕਲ ਆਉਣ।

 

ਨਦੀਨਾਂ ਦੀ ਰੋਕਥਾਮ

ਘਾਹ-ਫੂਸ ਦੀ ਰੋਕਥਾਮ ਲਈ ਦੋ ਗੋਡੀਆਂ, ਬਿਜਾਈ ਤੋਂ 20 ਅਤੇ 40 ਦਿਨਾਂ ਬਾਅਦ ਕਰੋ। ਸਟੌਂਪ 30 ਈ ਸੀ (ਪੈਂਡੀਮੈਥਾਲੀਨ) 600 ਮਿਲੀਲੀਟਰ ਪ੍ਰਤੀ ਏਕੜ ਸੋਇਆਬੀਨ ਦੀ ਬਿਜਾਈ ਤੋਂ 1-2 ਦਿਨ ਦੇ ਅੰਦਰ ਸਪਰੇਅ ਕਰਕੇ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਦੱਸੀ ਗਈ ਦਵਾਈ ਦੀ ਮਿਕਦਾਰ ਨੂੰ 150-200 ਲੀਟਰ ਪਾਣੀ ਪ੍ਰਤੀ ਏਕੜ ਵਿੱਚ ਘੋਲ ਕੇ ਸਪਰੇਅ ਕਰੋ। ਇਹ ਦਵਾਈ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਨੂੰ ਮਾਰਦੀ ਹੈ। ਅਗਰ ਦਵਾਈ ਦੀ ਸਪਰੇਅ ਤੋਂ ਬਾਅਦ ਵੀ ਕੁਝ ਨਦੀਨ ਨਾ ਮਰਨ ਤਾਂ 40 ਦਿਨਾਂ ਬਾਅਦ ਇੱਕ ਗੋਡੀ ਕਰ ਦਿਓ। ਇਨ੍ਹਾਂ ਦੇ ਬਦਲੇ ਵਿੱਚ ਘਾਹ, ਚੌੜੀ ਪੱਤੀ ਅਤੇ ਮੋਥਿਆਂ ਦੀ ਰੋਕਥਾਮ ਲਈ ਬਿਜਾਈ ਤੋਂ 15-20 ਦਿਨਾਂ ਬਾਅਦ ਪਰੀਮੇਜ਼ 10 ਐਸ.ਐਲ. (ਇਮੇਜ਼ਥਾਪਾਇਰ) 300 ਮਿਲੀਲੀਟਰ ਪ੍ਰਤੀ ਏਕੜ ਦਾ ਛਿੜਕਾਅ ਕਰਨਾ ਚਾਹੀਦਾ ਹੈ।

 

ਸਿੰਚਾਈ

ਜੇਕਰ ਵਰਖਾ ਚੰਗੀ ਅਤੇ ਠੀਕ ਸਮੇਂ ਹੋਵੇ ਤਾਂ ਕਿਸੇ ਪਾਣੀ ਦੀ ਲੋੜ ਨਹੀਂ। ਆਮ ਕਰਕੇ ਫ਼ਸਲ ਨੂੰ 3-4 ਪਾਣੀ ਚਾਹੀਦੇ ਹਨ। ਇੱਕ ਪਾਣੀ ਫ਼ਲੀਆਂ ਵਿੱਚ ਦਾਣੇ ਪੈਣ ਸਮੇਂ ਦੇਣਾ ਬਹੁਤ ਜ਼ਰੂਰੀ ਹੈ।

 

ਖਾਦਾਂ

ਸੋਇਆਬੀਨ ਤੋਂ ਵਧੇਰੇ ਝਾੜ ਪ੍ਰਾਪਤ ਕਰਨ ਲਈ ਬਿਜਾਈ ਤੋਂ ਪਹਿਲਾਂ 4 ਟਨ ਪ੍ਰਤੀ ਏਕੜ ਦੇ ਹਿਸਾਬ ਨਾਲ ਰੂੜੀ ਦੀ ਖਾਦ ਦੀ ਵਰਤੋਂ ਕਰੋ। ਫ਼ਸਲ ਨੂੰ 28 ਕਿਲੋ ਯੂਰੀਆ ਅਤੇ 200 ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਬਿਜਾਈ ਸਮੇਂ ਪਾਉ। ਕਣਕ ਪਿੱਛੋਂ ਬੀਜੀ ਫ਼ਸਲ ਨੂੰ 150 ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਪਾਉ, ਜੇਕਰ ਕਣਕ ਨੂੰ ਫਾਸਫੋਰਸ ਤੱਤ ਦੀ ਸਿਫਾਰਿਸ਼ ਕੀਤੀ ਮਾਤਰਾ ਪਾਈ ਗਈ ਹੋਵੇ। ਵਧੇਰੇ ਝਾੜ ਲੈਣ ਵਾਸਤੇ, ਉਪਰੋਕਤ ਖਾਦ ਮਾਤਰਾ ਤੋਂ ਇਲਾਵਾ, ਫ਼ਸਲ ਬੀਜਣ ਤੋਂ 60 ਅਤੇ 75 ਦਿਨਾਂ ਬਾਅਦ 2% ਯੂਰੀਆ (3 ਕਿਲੋ ਯੂਰੀਆ 150 ਲੀਟਰ ਪਾਣੀ ਵਿੱਚ ਪ੍ਰਤੀ ਏਕੜ) ਛਿੜਕੋ।

ਹਰੀ ਖਾਦ ਦੇ ਤੌਰ ਤੇ ਵਰਤਣ ਲਈ ਸਣ (20 ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ) ਦੀ ਅਪ੍ਰੈਲ ਦੇ ਦੂਸਰੇ ਪੰਦਰਵਾੜੇ ਵਿੱਚ ਬਿਜਾਈ ਕਰ ਦਿਓ। ਹਰੀ ਖਾਦ ਦੀ ਫ਼ਸਲ ਨੂੰ 40-45 ਦਿਨਾਂ ਬਾਅਦ ਖੇਤ ਵਿੱਚ ਸੋਇਆਬੀਨ ਦੀ ਬਿਜਾਈ ਤੋਂ 5 ਤੋਂ 7 ਦਿਨ ਪਹਿਲਾਂ ਦੱਬ ਦਿਓ। ਸੋਇਆਬੀਨ ਦਾ ਪੂਰਾ ਝਾੜ ਲੈਣ ਲਈ ਹਰੀ ਖਾਦ ਦੇ ਨਾਲ-ਨਾਲ ਨਾਈਟ੍ਰੋਜਨ ਖਾਦ ਦੀ ਪੂਰੀ ਮਾਤਰਾ (13 ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਦੇ ਹਿਸਾਬ ਨਾਲ) ਪਾਓ। ਹਰੀ ਖਾਦ ਨਾਲ ਜ਼ਮੀਨ ਦੀ ਸਿਹਤ ਬਰਕਰਾਰ ਰਹਿੰਦੀ ਹੈ।

ਜੇਕਰ ਫ਼ਾਸਫ਼ੋਰਸ ਅਤੇ ਜਿਪਸਮ ਨਾ ਉਪਲਬਧ ਹੋਵੇ ਤਾਂ ਫ਼ਾਸਫ਼ੋਰਸ ਅਤੇ ਗੰਧਕ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਗੰਧਕੀ ਫ਼ਾਸਫ਼ੇਟ ਖਾਦ (13 ਕਿਲੋ ਨਾਈਟ੍ਰੋਜਨ, 33 ਕਿਲੋ ਫ਼ਾਸਫ਼ੋਰਸ ਅਤੇ 15 ਕਿਲੋ ਗੰਧਕ ਤੱਤ ਪ੍ਰਤੀ 100 ਕਿਲੋ ਖਾਦ ਹੁੰਦੀ ਹੈ) ਦੇ ਬਦਲਵੇਂ ਰੂਪ ਵਿੱਚ ਪਾਇਆ ਜਾ ਸਕਦਾ ਹੈ।

 

ਕਟਾਈ

ਫ਼ਸਲ ਦੀ ਕਟਾਈ ਉਸ ਸਮੇਂ ਕਰ ਲਉ ਜਦੋਂ ਬਹੁਤ ਸਾਰੇ ਪੱਤੇ ਝੜ ਜਾਣ ਅਤੇ ਫ਼ਲੀਆਂ ਦਾ ਰੰਗ ਬਦਲ ਜਾਵੇ। ਕਟਾਈ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ ਤਾਂ ਕਿ ਦਾਣੇ ਨਾ ਕਿਰਨ। ਗਹਾਈ ਦਾ ਕੰਮ ਪ੍ਰਚੱਲਤ ਢੰਗ ਨਾਲ ਹੋਰ ਦਾਲਾਂ ਦੀ ਤਰ੍ਹਾਂ ਹੀ ਕਰਨਾ ਚਾਹੀਦਾ ਹੈ, ਪਰ ਇਸ ਗੱਲ ਦਾ ਧਿਆਨ ਰੱਖੋ ਕਿ ਫ਼ਸਲ ਨੂੰ ਬਹੁਤਾ ਕੁੱਟਿਆ ਜਾਂ ਲਿਤਾੜਿਆ ਨਾ ਜਾਵੇ ਜਿਸ ਨਾਲ ਉਪਜ ਦੀ ਕੁਆਲਿਟੀ ਅਤੇ ਬੀਜ ਦੀ ਉੱਗਣ ਸ਼ਕਤੀ ਵਿੱਚ ਫ਼ਰਕ ਪੈਂਦਾ ਹੈ।

 

ਸਟੋਰ ਕਰਨਾ

ਸਟੋਰ ਕਰਨ ਸਮੇਂ ਬੀਜ ਵਿੱਚ ਨਮੀ 7 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬੀਜ ਸੁੱਕੇ ਭੜੋਲਿਆਂ ਵਿੱਚ ਜਾਂ ਬੋਰੀਆਂ ਵਿੱਚ ਪਾ ਕੇ ਲੱਕੜ ਦੇ ਚੌਖਟਿਆਂ ਉੱਪਰ ਰੱਖੋ।

ਇਹ ਸੀ ਸੋਇਆਬੀਨ ਦੀ ਖੇਤੀ ਬਾਰੇ ਕੁਝ ਖਾਸ ਨੁਕਤੇ। ਇਸ ਬਾਰੇ ਮਾਹਿਰਾਂ ਤੋਂ ਵਧੇਰੇ ਜਾਣਕਾਰੀ ਲੈਣ ਲਈ ਡਾਊਨਲੋਡ ਕਰੋ ਆਪਣੀ ਖੇਤੀ ਐੱਪ

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ