ਜਾਣੋ ਮੱਕੀ ਦੇ ਗੜੂੰਏ ਅਤੇ ਇਸਦੀ ਰੋਕਥਾਮ ਬਾਰੇ

ਮੱਕੀ ਦਾ ਗੜੂੰਆਂ: ਇਹ ਮੱਕੀ ਦਾ ਬਹੁਤ ਖਤਰਨਾਕ ਕੀੜਾ ਹੈ ਅਤੇ ਜੂਨ ਤੋਂ ਸਤੰਬਰ ਤੱਕ ਫ਼ਸਲ ਦਾ ਨੁਕਸਾਨ ਕਰਦਾ ਹੈ। ਇਸ ਕੀੜੇ ਦੀਆਂ ਸੁੰਡੀਆਂ ਪਹਿਲਾਂ ਬੂਟੇ ਦੇ ਪੱਤਿਆਂ ਨੂੰ ਕੁਰੇਦਦੀਆਂ ਹਨ ਅਤੇ ਗੋਭ ਰਾਹੀਂ ਤਣੇ ਵਿੱਚ ਮੋਰੀਆਂ ਕਰ ਦਿੰਦੀਆਂ ਹਨ । ਗੋਭ ਦਾ ਵਿਚਕਾਰਲਾ ਪੱਤਾ ਛਾਣਨੀ ਵਾਂਗ ਹੋ ਜਾਂਦਾ ਹੈ ਅਤੇ ਛੋਟੇ ਪੌਦਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ।
ਇਸ ਕੀੜੇ ਦੀ ਰੋਕਥਾਮ ਲਈ ਹੇਠ ਲਿਖੇ ਅਨੁਸਾਰ ਸਰਵਪੱਖੀ ਕਿਰਿਆ ਅਪਣਾਓ:
• ਮੱਕੀ ਦੇ ਮੁੱਢਾਂ, ਟਾਂਡਿਆਂ ਤੇ ਗੁੱਲਾਂ ਵਿੱਚ ਲੁਕੇ ਹੋਏ ਗੜੂੰਏਂ ਨੂੰ ਖਤਮ ਕਰੋ। ਮੱਕੀ ਵੱਢਣ ਤੋਂ ਤੁਰੰਤ ਬਾਅਦ ਖੇਤ ਨੂੰ ਵਾਹ ਦਿਓ ਤੇ ਮੁੱਢਾਂ ਨੂੰ ਇਕੱਠੇ ਕਰਕੇ ਸਾੜ ਦਿਓ।
• ਗੋਡੀ ਕਰਦੇ ਸਮੇਂ ਗੜੂੰਏਂ ਦੇ ਗੰਭੀਰ ਹਮਲੇ ਵਾਲੇ ਪੌਦੇ ਪੁੱਟ ਕੇ ਨਸ਼ਟ ਕਰ ਦਿਓ।
• ਟਰਾਈਕੋਗਰਾਮਾ (ਮਿੱਤਰ ਕੀੜਾ) ਰਾਹੀਂ ਪ੍ਰਜੀਵੀ ਕਿਰਿਆ ਕੀਤੇ ਹੋਏ ਕੋਰਸਾਇਰਾ ਦੇ 40,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਤੋਂ 15 ਦਿਨਾਂ ਦੀ ਫ਼ਸਲ ਉੱਪਰ ਵਰਤੋ। ਇਹ ਆਂਡੇ ਗੂੰਦ ਨਾਲ ਟਰਾਈਕੋ-ਕਾਰਡਾਂ ਉਪਰ ਚਿਪਕਾਏ ਹੋਏ ਹੁੰਦੇ ਹਨ। ਇਨ੍ਹਾਂ ਕਾਰਡਾਂ ਨੂੰ 40 ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉੱਪਰ 1000 ਆਂਡੇ ਹੋਣ। ਇਨ੍ਹਾਂ ਹਿੱਸਿਆਂ ਨੂੰ ਗੋਭ ਦੇ ਪੱਤਿਆਂ ਦੇ ਹੇਠਲੇ ਪਾਸੇ ਸ਼ਾਮ ਦੇ ਸਮੇਂ ਖੇਤ ਵਿੱਚ ਇਕਸਾਰ ਦੂਰੀ ਤੇ ਪਿੰਨ ਨਾਲ ਨੱਥੀ ਕਰੋ। ਇਹ ਕਾਰਡ ਮੀਂਹ ਵਾਲੇ ਦਿਨ ਨਾ ਵਰਤੋ।
• ਬਿਜਾਈ ਤੋਂ 2-3 ਹਫ਼ਤੇ ਬਾਅਦ ਜਾਂ ਜਿਸ ਵੇਲੇ ਪੱਤਿਆਂ ਉੱਪਰ ਇਸ ਕੀੜੇ ਦਾ ਹਮਲਾ ਦਿਖੇ, ਹੇਠ ਦੱਸੀਆਂ ਦਵਾਈਆਂ ਵਿੱਚੋਂ ਕਿਸੇ ਇੱਕ ਦਵਾਈ ਨੂੰ 60 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਿੱਠੂ ਪੰਪ ਨਾਲ ਛਿੜਕੋ :

ਸੁਮੀਸੀਡੀਨ 20 ਈ ਸੀ (ਫੈਨਵੈਲਰੇਟ) 40 ਮਿ.ਲੀ.
ਰਿਪਕਾਰਡ 10 ਈਸੀ(ਸਾਈਪਰਮੈਥ੍ਰੀਨ) 40 ਮਿ.ਲੀ.
ਡੈਸਿਸ 2.8 ਈ ਸੀ(ਡੈਲਟਾਮੈਥ੍ਰੀਨ) 80 ਮਿ.ਲੀ.
ਸੇਵਿਨ 50 ਈ ਸੀ (ਕਾਰਬ੍ਰਿਲ) 100 ਗ੍ਰਾਮ

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ