crop-prevention-pa

ਪੰਛੀਆਂ ਦੇ ਨੁਕਸਾਨ ਤੋਂ ਕਿਵੇਂ ਕਰੀਏ ਬਚਾਅ

ਪੰਜਾਬ ਵਿਚ ਮਿਲਣ ਵਾਲੇ 300 ਕਿਸਮ ਦੇ ਪੰਛੀਆਂ ਵਿਚੋਂ ਕੁਝ ਹੀ ਫ਼ਸਲਾਂ ਅਤੇ ਫ਼ਲਾਂ ਦਾ ਅਤੇ ਗੋਦਾਮਾਂ, ਸ਼ੈਲਰਾਂ ਅਤੇ ਮੰਡੀਆਂ ਵਿਚ ਦਾਣਿਆਂ ਨੂੰ ਨੁਕਸਾਨ ਕਰਦੇ ਹਨ। ਤੋਤਾ ਸਭ ਤੋਂ ਜ਼ਿਆਦਾ ਹਾਨੀਕਾਰਕ ਪੰਛੀ ਹੈ ਜੋ ਤਕਰੀਬਨ ਸਾਰੀਆਂ ਫ਼ਸਲਾਂ ਤੇ ਫ਼ਲਾਂ ਨੂੰ ਬਹੁਤ ਨੁਕਸਾਨ ਕਰਦਾ ਹੈ। ਇਸਦੇ ਨਾਲ ਫ਼ਸਲ ਦੇ ਝਾੜ ਉਪਰ ਵੀ ਫਰਕ ਪੈਂਦਾ ਹੈ| ਇਹ ਸੂਰਜਮੁਖੀ ਲਈ ਖਾਸ ਤੌਰ ਤੇ ਹਾਨੀਕਾਰਕ ਹੈ।

ਇਹਨਾਂ ਪੰਛੀਆਂ ਤੋਂ ਬਚਾਅ ਦੇ ਲਈ ਅਲੱਗ ਅਲੱਗ ਤਰੀਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਹਨਾਂ ਦੇ ਨਾਲ ਫ਼ਸਲ ਅਤੇ ਪੰਛੀਆਂ ਦੋਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

 

ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ :-

 

ੳ) ਯਾਂਤਰਿਕ ਵਿਧੀ

ਇਹ ਵਿਧੀ ਬਹੁਤ ਹੀ ਜ਼ਿਆਦਾ ਕਾਰਗਾਰ ਸਾਬਿਤ ਹੁੰਦੀ ਹੈ ਇਸਦੇ ਨਾਲ ਆਸਾਨੀ ਨਾਲ ਪੰਛੀਆਂ ਨੂੰ ਖੇਤ ਵਿੱਚੋ ਭਜਾਇਆ ਜਾ ਸਕਦਾ ਹੈ। ਜਿਸਦੇ ਵਿਚ ਪਟਾਖੇ ਅਤੇ ਡਰਨੇ ਦੀ ਵਰਤੋਂ ਕੀਤੀ ਜਾਂਦੀ ਹੈ।

ਪਟਾਕਿਆਂ ਦੇ ਧਮਾਕੇ ਵੱਖ ਵੱਖ ਵਕਫ਼ੇ ਤੇ ਪੰਛੀ ਉਡਾਉਣ ਲਈ ਕਰੋ।ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇੱਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸਨੂੰ ਖੇਤ ਵਿਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ।ਡਰਨੇ ਦੀ ਥਾਂ, ਦਿਸ਼ਾ ਅਤੇ ਪੁਸ਼ਾਕ ਦਸ ਦਿਨ ਦੇ ਵਕਫੇ ਤੇ ਬਦਲ ਦੇਣੀ ਚਾਹੀਦੀ ਹੈ। ਡਰਨਾ ਫ਼ਸਲ ਦੀ ਉਚਾਈ ਤੋਂ ਘੱਟੋ ਘੱਟ ਇਕ ਮੀਟਰ ਉੱਚਾ ਹੋਣਾ ਚਾਹੀਦਾ ਹੈ।ਪੰਛੀ ਉਡਾਉਣ ਵਾਲੀ ਸਵੈਚਾਲਿਕ ਮਸ਼ੀਨ ਦੀ ਵਰਤੋਂ ਫ਼ਸਲਾਂ ਨੂੰ ਪੰਛੀਆਂ ਤੋਂ ਬਚਾਉਣ ਲਈ ਸਹਾਈ ਹੁੰਦੀ ਹੈ। ਚੰਗੇ ਨਤੀਜੇ ਲੈਣ ਲਈ ਇਸ ਮਸ਼ੀਨ ਦੀ ਜਗ੍ਹਾ ਬਦਲਦੇ ਰਹਿਣਾ ਚਾਹੀਦਾ ਹੈ।

 

ਅ) ਰਵਾਇਤੀ ਤਰੀਕੇ

ਸੂਰਜਮੁਖੀ ਅਤੇ ਮੱਕੀ ਵਰਗੀਆਂ ਕੀਮਤੀ ਫ਼ਸਲਾਂ ਦੇ ਆਲੇ-ਦੁਆਲੇ ਬਾਹਰਲੀਆਂ ਦੋ ਤਿੰਨ ਲਾਈਨਾਂ ਵਿੱਚ ਘੱਟ ਕੀਮਤੀ ਫ਼ਸਲਾਂ ਜਿਵੇਂ ਕਿ ਢੈਂਚਾ ਜਾਂ ਬਾਜਰਾ ਜਿਹੜਾ ਕਿ ਪੰਛੀਆਂ ਦੁਆਰਾ ਖਾਣ ਲਈ ਪਸੰਦ ਵੀ ਕੀਤਾ ਜਾਂਦਾ ਹੈ ਖੇਤ ਵਿੱਚ ਬੀਜੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾ ਸਕਦਾ ਹੈ।ਮੱਕੀ ਅਤੇ ਸੂਰਜਮੁਖੀ ਦੀ ਬਿਜਾਈ ਪੰਛੀਆਂ ਦੇ ਅਕਸਰ ਬੈਠਣ ਵਾਲੀਆਂ ਥਾਵਾਂ ਜਾਂ ਸੰਘਣੇ ਬਿਰਖਾਂ ਅਤੇ ਫ਼ਸਲ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਕਰਨੀ ਚਾਹੀਦੀ ਹੈ।ਸੂਰਜਮੁਖੀ ਅਤੇ ਮੱਕੀ ਦੀ ਫ਼ਸਲ ਨੂੰ ਤੋਤੇ ਦੇ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਦੀ ਬਿਜਾਈ ਵੱਡੇ ਰਕਬੇ (ਘੱਟੋ ਘੱਟ ਦੋ ਤਿੰਨ ਏਕੜ) ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਤੋਤਾ ਫ਼ਸਲ ਦੇ ਅੰਦਰ ਜਾ ਕੇ ਖਾਣ ਤੋਂ ਗੁਰੇਜ਼ ਕਰਦਾ ਹੈ ਅਤੇ ਫ਼ਸਲ ਦਾ ਨੁਕਸਾਨ ਵੀ ਘਟ ਹੁੰਦਾ ਹੈ|

 

ੲ) ਚੇਤਾਵਨੀ-ਅਵਾਜ਼ਾਂ

ਤੋਤੇ ਅਤੇ ਕਾਵਾਂ ਦੀਆਂ ਚੇਤਾਵਨੀ ਭਰੀਆਂ ਅਤੇ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਸੀ.ਡੀ. ਵਿੱਚ ਭਰੀਆਂ ਹੋਈਆਂ ਹਨ। ਇਹ ਸੀ.ਡੀ. ਸੰਚਾਰ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਉਪਲਬਧ ਹੈ। ਇਨ੍ਹਾਂ ਵਿੱਚ ਭਰੀਆਂ ਅਵਾਜਾਂ ਨੂੰ ਸੀ.ਡੀ. ਪਲੇਅਰ ਵਿੱਚ ਉੱਚੀ ਅਵਾਜ਼ ਵਿੱਚ ਇਕ ਘੰਟੇ ਦੇ ਵਕਫ਼ੇ ਨਾਲ, ਅੱਧੇ ਘੰਟੇ ਵਾਸਤੇ ਦੋ ਵਾਰੀ ਸਵੇਰੇ 7.00 ਤੋਂ 9.00 ਅਤੇ ਸ਼ਾਮ ਨੂੰ 5.00 ਤੋਂ 7.00 ਵਜੇ ਦੌਰਾਨ ਵਜਾਉਣ ਨਾਲ ਨਵੀਂ ਬੀਜੀ ਫ਼ਸਲ, ਪੁੰਗਰ ਰਹੀ ਫ਼ਸਲ ਜਾਂ ਪੱਕ ਰਹੀ ਫ਼ਸਲ ਵਾਲੇ ਖੇਤਾਂ ਅਤੇ ਬਾਗਾਂ ਵਿਚੋਂ ਪੰਛੀ ਪੂਰੇ ਦਿਨ ਵਾਸਤੇ ਉੱਡ ਜਾਂਦੇ ਹਨ ਅਤੇ ਮੁੜ ਵਾਪਸ ਨਹੀਂ ਆਉਂਦੇ। ਚੇਤਾਵਨੀ ਆਵਾਜ਼ਾਂ ਜਾਂ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਦੇ ਵਜਾਉਣ ਦਾ ਅਸਰ ਪੰਦਰਾਂ ਤੋਂ ਵੀਹ ਦਿਨ ਤੱਕ ਰਹਿੰਦਾ ਹੈ। ਇਸ ਵਿਧੀ ਨੂੰ ਤਰਤੀਬਵਾਰ ਜਾਂ ਇਕ ਤੋਂ ਵੱਧ ਤਰੀਕਿਆਂ ਨਾਲ, ਇਕ ਸੰਯੋਜਕ ਵਿਧੀ ਅਨੁਸਾਰ ਵਰਤਣ ਨਾਲ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

ਸ਼ਿਕਾਰੀ ਪੰਛੀ, ਜਿਵੇਂ ਕਿ ਉੱਲੂ, ਬਾਜ਼, ਇੱਲਾਂ ਆਦਿ ਬਹੁਤ ਮਾਤਰਾ ਵਿੱਚ ਚੂਹੇ ਖਾਂਦੇ ਹਨ ਅਤੇ ਇਹ ਕਿਸਾਨ ਦੇ ਮਿੱਤਰ ਵੀ ਕਹੇ ਜਾਂਦੇ ਹਨ|

 

ਲਾਭਦਾਇਕ ਪੰਛੀ :-

ਕੁਦਰਤ ਵਿਚ ਬਹੁਤ ਸਾਰੇ ਪੰਛੀ ਹਨ ਜੋ ਕੇ ਕਿਸਾਨ ਦੀ ਮਦਦ ਵੀ ਕਰਦੇ ਹਨ ਜਿਹੜੇ ਫ਼ਸਲ ਵਿਚ ਲੱਗ ਰਹੇ ਕੀੜਿਆਂ ਨੂੰ ਖਾ ਕੇ ਕਿਸਾਨਾਂ ਦੀ ਮਦਦ ਕਰਦੇ ਹਨ| ਕੀੜੇ-ਮਕੌੜੇ ਖਾਣ ਵਾਲੇ ਪੰਛੀ ਜਿਵੇਂ ਕਿ ਕੋਤਵਾਲ, ਸੇਰੜੀਆਂ, ਬੁੱਚੜ ਪੰਛੀ, ਟਟੀਹਰੀਆਂ, ਗੁਟਾਰਾਂ ਅਤੇ ਕਈ ਹੋਰ ਛੋਟੇ ਪੰਛੀ ਅਣਗਣਿਤ ਹਾਨੀਕਾਰਕ ਕੀੜੇ-ਮਕੌੜਿਆਂ ਨੂੰ ਖਾ ਜਾਂਦੇ ਹਨ। ਇਥੋਂ ਤੱਕ ਕਿ ਅਨਾਜ ਖਾਣ ਵਾਲੇ ਚਿੜੀਆਂ ਅਤੇ ਬਿਜੜਿਆਂ ਵਰਗੇ ਪੰਛੀ ਵੀ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਕੀੜੇ-ਮਕੌੜੇ ਖੁਆਉਂਦੇ ਹਨ।

ਚਿੜੀਆਂ ਦਾ ਇਕ ਜੋੜਾ ਇਕ ਦਿਨ ਵਿਚ ਤਕਰੀਬਨ 250 ਵਾਰ ਆਪਣੇ ਬੱਚਿਆਂ ਨੂੰ ਚੋਗਾ ਖੁਆਉਂਦਾ ਹੈ। ਇਸ ਕਰਕੇ ਲਾਭਦਾਇਕ ਪੰਛੀਆਂ ਨੂੰ ਮਾਰਨਾ ਨਹੀਂ ਚਾਹੀਦਾ। ਸਗੋਂ ਉਨ੍ਹਾਂ ਨੂੰ ਫ਼ਸਲਾਂ ਵੱਲ ਕਈ ਤਰੀਕਿਆਂ ਨਾਲ ਆਕਰਸ਼ਿਤ ਕੀਤਾ ਜਾ ਸਕਦਾ ਹੈ।ਪੰਛੀਆਂ ਨੂੰ ਮਾਰਨ ਦੇ ਲਈ ਕਿਸੇ ਵੀ ਤਰਾਂ ਦੀ ਸਪਰੇ ਜਾ ਜਹਿਰੀਲੀ ਵਸਤੂ ਦਾ ਇਸਤੇਮਾਲ ਨਾ ਕਰੋ ਜਿਸਦੇ ਨਾਲ ਪੰਛੀਆਂ ਦਾ ਨੁਕਸਾਨ ਹੋਏ।

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ