ਖ਼ਾਰੇ-ਪਾਣੀ

ਕਿਉਂ ਹੁੰਦਾ ਹੈ ਖ਼ਾਰੇ ਪਾਣੀ ਦੇ ਨਾਲ ਫ਼ਸਲ ਦਾ ਨੁਕਸਾਨ

ਪੰਜਾਬ ਦੇ ਤਕਰੀਬਨ 40 ਪ੍ਰਤੀਸ਼ਤ ਰਕਬੇ ਵਿਚ ਟਿਊਬਵੈੱਲਾਂ ਨਾਲ ਪ੍ਰਾਪਤ ਕੀਤੇ ਜ਼ਮੀਨੀ ਪਾਣੀ ਵਿਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੈ। ਅਜਿਹੇ ਪਾਣੀ ਲੂਣੇ (ਸੋਡੀਅਮ ਦੇ ਕਲੋਰਾਈਡ ਜਾਂ ਸਲਫ਼ੇਟ ਵਾਲੇ) ਜਾਂ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਹੁੰਦੇ ਹਨ। ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਟਿਊਬਵੈੱਲ ਦੇ ਪਾਣੀ ਦੀ ਜਾਂਚ ਮਿੱਟੀ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਕਰਵਾਈ ਜਾਏ ਤਾਂ ਕਿ ਇਹ ਪਤਾ ਲੱਗ ਸਕੇ ਕਿ ਇਸ ਵਿਚ ਕਿਹੜੀ ਅਤੇ ਕਿੰਨੀ ਖ਼ਰਾਬੀ ਹੈ।

ਇਹਨਾਂ ਪਾਣੀਆਂ ਦੀ ਵਰਤੋਂ ਦਾ ਢੰਗ ਹੇਠ ਦਿੱਤੇ ਅਨੁਸਾਰ ਹੈ:-

1. ਯਕੀਨੀ ਜਲ ਨਿਕਾਸ

ਸਿੰਚਾਈ ਲਈ ਮਾੜੇ ਪਾਣੀ ਵਾਲੇ ਇਲਾਕੇ ਵਿਚ ਜ਼ਮੀਨ ਵਿਚੋਂ ਜੜ੍ਹ ਖੇਤਰ ਵਿਚਲੇ ਵਾਧੂ ਘੁਲਣਸ਼ੀਲ ਨਮਕ ਦਾ ਘੁਲ ਕੇ ਥੱਲੇ ਜਾਣਾ ਯਕੀਨੀ ਬਣਾਉਣਾ ਤਾਂ ਕਿ ਇਸ ਹਿੱਸੇ ਵਿਚ ਨਮਕ ਅਤੇ ਪਾਣੀ ਦਾ ਸੰਤੁਲਨ ਠੀਕ ਰਹਿ ਸਕੇ। ਇਸ ਕੰਮ ਲਈ ਜ਼ਮੀਨ ਉਪਰਲੀਆਂ ਨਿਕਾਸ ਨਾਲੀਆਂ ਜ਼ਮੀਨ ਹੇਠਲੀਆਂ ਨਿਕਾਸ ਨਾਲੀਆਂ ਬਣਾਉਣ ਤੋਂ ਸਸਤੀਆਂ ਪੈਂਦੀਆਂ ਹਨ।

2. ਜ਼ਮੀਨ ਦੀ ਠੀਕ ਪਧਰਾਈ

ਸਾਰੇ ਖੇਤ ਵਿਚ ਪਾਣੀ ਦੀ ਇਕਸਾਰ ਵੰਡ ਲਈ ਜ਼ਮੀਨ ਚੰਗੀ ਤਰ੍ਹਾਂ ਪੱਧਰ ਹੋਣੀ ਚਾਹੀਦੀ ਹੈ। ਠੀਕ ਪੱਧਰ ਜ਼ਮੀਨ ਵਿਚੋਂ ਘੁਲਣਸ਼ੀਲ ਨਮਕ ਅਤੇ ਪਾਣੀ ਇਕਸਾਰ ਜੀਰਦੇ ਹਨ।

3. ਹਲਕੀਆਂ ਜ਼ਮੀਨਾਂ ਵਿਚ ਮਾੜੇ ਪਾਣੀ ਵਰਤੋ

ਭਾਰੀਆਂ ਜ਼ਮੀਨਾਂ ਵਿਚ ਪਾਣੀ ਜ਼ੀਰਨ ਦੀ ਦਰ ਘੱਟ ਹੁੰਦੀ ਹੈ ਅਤੇ ਪਾਣੀ ਸਤਹਿ ਤੇ ਜ਼ਿਆਦਾ ਦੇਰ ਖੜ੍ਹਨ ਨਾਲ ਵਾਸ਼ਪੀਕਰਨ ਤੋਂ ਬਾਅਦ ਲੂਣਾਪਨ/ਖਾਰਾਪਣ ਤੇਜ਼ੀ ਨਾਲ ਬਣਦਾ ਹੈ, ਇਸ ਲਈ ਮਾੜੇ ਪਾਣੀ ਦੀ ਵਰਤੋਂ ਹਲਕੀਆਂ ਜ਼ਮੀਨਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।

4. ਫ਼ਸਲ ਦੀ ਸਹੀ ਚੋਣ

ਮਾੜੇ ਪਾਣੀ ਨਾਲ ਸਿੰਚਾਈ ਅਧੀਨ ਰਕਬੇ ਵਿਚ ਅਜਿਹੀਆਂ ਫ਼ਸਲਾਂ ਅਤੇ ਕਿਸਮਾਂ ਨੂੰ ਹੀ ਪਹਿਲ ਦਿਉ ਜੋ ਨਮਕ ਨੂੰ ਸਹਿਣਸ਼ੀਲ ਜਾਂ ਅਰਧ-ਸਹਿਣਸ਼ੀਲ ਹੋਣ ਜਿਵੇਂ ਜੌਂ, ਕਣਕ, ਸਰ੍ਹੋਂ, ਗੁਆਰਾ, ਸੇਂਜੀ, ਪਾਲਕ, ਸ਼ਲਗਮ, ਚੁਕੰਦਰ, ਰਾਇਆ ਅਤੇ ਮੋਟੇ ਅਨਾਜ। ਮਾੜਾ ਪਾਣੀ ਕਪਾਹ ਦੇ ਜੰਮ ਤੇ ਅਸਰ ਕਰਦਾ ਹੈ। ਪਰ ਚੰਗੇ ਪਾਣੀ ਨਾਲ ਰੌਣੀ ਕਰਕੇ ਫ਼ਸਲ ਚੰਗੀ ਜੰਮਦੀ ਹੈ। ਦਾਲਾਂ ਤੇ ਖਾਰੇ ਅਤੇ ਲੂਣੇ ਪਾਣੀ ਦਾ ਬਹੁਤ ਮਾੜਾ ਅਸਰ ਪਾਉਂਦੇ ਹਨ, ਇਸ ਲਈ ਦਾਲਾਂ ਨੂੰ ਖਾਰਾ ਪਾਣੀ ਨਾ ਦਿਓ। ਜ਼ਿਆਦਾ ਪਾਣੀ ਲੋੜਨ ਵਾਲੀਆਂ ਫ਼ਸਲਾਂ ਜਿਵੇਂ ਝੋਨਾ, ਕਮਾਦ ਅਤੇ ਬਰਸੀਮ ਨੂੰ ਖਾਰੇ ਪਾਣੀ ਨਾ ਲਾਓ।

5. ਜਿਪਸਮ ਦੀ ਵਰਤੋਂ

ਜ਼ਮੀਨ ਵਿਚ ਜ਼ਿਆਦਾ ਸੋਡੀਅਮ ਦਾ ਮਾੜਾ ਅਸਰ ਜਿਪਸਮ ਦੀ ਵਰਤੋਂ ਨਾਲ ਦੂਰ ਕੀਤਾ ਜਾ ਸਕਦਾ ਹੈ। ਜਦੋਂ ਸਿੰਚਾਈ ਵਾਲੇ ਪਾਣੀ ਦੀ ਆਰ.ਐੱਸ.ਸੀ 2.5 ਐੱਮ ਈ ਪ੍ਰਤੀ ਲਿਟਰ ਤੋਂ ਉੱਪਰ ਹੋਵੇ ਤਾਂ ਜਿਪਸਮ ਦੀ ਵਰਤੋਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਆਰ.ਐੱਸ.ਸੀ. ਦੀ ਹਰ ਐੱਮ.ਈ. ਪ੍ਰਤੀ ਲਿਟਰ ਪਿੱਛੇ 1.50 ਕੁਇੰਟਲ ਜਿਪਸਮ ਪ੍ਰਤੀ ਏਕੜ ਚਾਰ ਸਿੰਚਾਈਆਂ ਪਿੱਛੇ ਬਣਦਾ ਹੈ। ਜੇਕਰ ਹਰ ਸਿੰਚਾਈ 7.5 ਸੈਂ.ਮੀ. ਹੋਵੇ ਤਾਂ ਸਾਰਾ ਜਿਪਸਮ ਪਹਿਲੇ ਪਾਣੀ ਨਾਲ ਪਾਓ। ਜਿਪਸਮ ਨੂੰ ਜ਼ਮੀਨ ਦੀ ਉਪਰਲੀ ਤਹਿ (0-10 ਸੈਂ.ਮੀ.) ਵਿਚ ਮਿਲਾ ਕੇ ਭਰਵਾਂ ਪਾਣੀ ਲਾਓ ਤਾਂ ਕਿ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਘੁਲਣਸ਼ੀਲ ਨਮਕ ਜੀਰ ਜਾਣ।

6. ਜੀਵਕ ਖਾਦਾਂ ਦੀ ਵਰਤੋਂ

ਚੂਨੇ ਜਾਂ ਰੋੜਾਂ ਵਾਲੀਆਂ ਜ਼ਮੀਨਾਂ, ਜਿਨ੍ਹਾਂ ਵਿੱਚ ਕੈਲਸ਼ੀਅਮ ਕਾਰਬੋਨੇਟ 2 ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਵਿੱਚ ਜੀਵਕ ਖਾਦਾਂ ਜਿਵੇਂ ਦੇਸੀ ਰੂੜੀ 8 ਟਨ ਪ੍ਰਤੀ ਏਕੜ ਜਾਂ ਹਰੀ ਖਾਦ ਜਾਂ ਕਣਕ ਦਾ ਨਾੜ 2.5 ਟਨ ਪ੍ਰਤੀ ਏਕੜ ਹਰ ਸਾਲ ਪਾਉ।

7. ਖਾਰਾ ਅਤੇ ਚੰਗਾ ਪਾਣੀ ਇਕੱਠਾ ਲਾਓ

ਮਾੜਾ ਅਤੇ ਚੰਗਾ ਪਾਣੀ ਇਕੱਠਾ ਵੀ ਵਰਤਿਆ ਜਾ ਸਕਦਾ ਹੈ ਜਾਂ ਦੋਵੇਂ ਬਦਲ ਕੇ ਵਰਤੇ ਜਾ ਸਕਦੇ ਹਨ। ਫ਼ਸਲ ਦੇ ਸ਼ੁਰੂ ਵਿਚ ਚੰਗਾ ਪਾਣੀ ਅਤੇ ਬਾਅਦ ਵਿਚ ਫ਼ਸਲ ਵਧਣ ਤੇ ਮਾੜਾ ਪਾਣੀ ਵਰਤਣਾ ਵੀ ਲਾਹੇਵੰਦ ਹੈ।

8. ਪਿੰਡਾਂ ਵਿੱਚ ਛੱਪੜਾਂ ਦੇ ਪਾਣੀ ਨਾਲ ਸਿੰਚਾਈ

ਛੱਪੜਾਂ ਦੇ ਪਾਣੀ ਵਿੱਚ ਵੀ ਫ਼ਸਲਾਂ ਦੇ ਖੁਰਾਕੀ ਤੱਤ ਹੁੰਦੇ ਇਸ ਲਈ ਇਹ ਪਾਣੀ ਵਰਤਣ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਲੈਣਾ ਚਾਹੀਦਾ ਹੈ ਅਤੇ ਸਿਫ਼ਾਰਸ਼ ਅਨੁਸਾਰ ਸਿੰਚਾਈ ਲਈ ਵਰਤਣਾ ਚਾਹੀਦਾ ਹੈ।

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ