ਖੇਤਾਂ ਵਿਚ ਸਪਰੇ ਕਿਸਾਨਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਇਕ ਹਿੱਸਾ ਬਣ ਗਏ ਹਨ ਜਾਣੋ ਇਸ ਬਲਾਗ ਦੇ ਜ਼ਰੀਏ ਕਿਵੇਂ ਕਰੀਏ ਇਸ ਦੀ ਸਹੀ ਢੰਗ ਨਾਲ ਸਪਰੇ
ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਦਾ ਸਹੀ ਢੰਗ ਵਰਤਣਾ ਬਹੁਤ ਜਰੂਰੀ ਹੈ। ਸਿਫਾਰਸ਼ ਕੀਤੀਆਂ ਗਈਆਂ ਖੇਤੀ ਰਸਾਇਣਾਂ ਦੇ ਵਧੀਆ ਨਤੀਜੇ ਲੈਣ ਲਈ ਹੇਠ ਲਿਖੇ ਨੁਕਤਿਆਂ ਨੂੰ ਅਪਨਾਉ:
ਰਸਾਇਣਾਂ ਦੀ ਚੋਣ
ਵੱਖ-ਵੱਖ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਰਸਾਇਣਾਂ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਲਈ ਰਸਾਇਣ ਦੀ ਚੋਣ ਕਰਨ ਤੋ ਪਹਿਲਾਂ ਫਸਲ ਦੇ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਸਹੀ ਪਹਿਚਾਣ ਕਰਨੀ ਬਹੁਤ ਜ਼ਰੂਰੀ ਹੈ ਤਾਂ ਕਿ ਸਹੀ ਰਸਾਇਣ ਦੀ ਚੋਣ ਕੀਤੀ ਜਾ ਸਕੇ।
ਪੰਪ ਅਤੇ ਨੋਜ਼ਲ ਦੀ ਚੋਣ: ਰਸਾਇਣਾਂ ਦੀ ਸਪੇਰਅ ਕਰਨ ਲਈ ਹੱਥ ਨਾਲ ਜਾਂ ਬੈਟਰੀ ਨਾਲ ਚੱਲਣ ਵਾਲੇ ਪਿੱਠੂ ਪੰਪ (ਨੈਪਸੈਕ ਸਪਰੇਅਰ) ਜਾਂ ਟਰੈਕਟਰ ਨਾਲ ਚੱਲਣ ਵਾਲੇ ਪੰਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਸਮੇ ਫਲੈਟਫੈਨ ਜਾਂ ਫਲੱਡ ਜੈਟ ਅਤੇ ਖੜੀ ਫਸਲ ਵਿੱਚ ਸਿਰਫ ਫਲੈਟ ਫੈਨ ਨੋਜ਼ਲ ਦੀ ਵਰਤੋ ਕਰੋ। ਕੀੜੇ-ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਲਈ ਕੋਨ ਵਾਲੀ ਨੋਜ਼ਲ ਹੀ ਵਰਤੋ।
ਪਾਣੀ ਦੀ ਮਾਤਰਾ: ਨਦੀਨ ਨਾਸ਼ਕਾਂ ਦੇ ਛਿੜਕਾਅ ਲਈ ਫਸਲ ਦੀ ਬਿਜਾਈ ਸਮੇਂ 200 ਲਿਟਰ ਅਤੇ ਖੜੀ ਫ਼ਸਲ ਲਈ 150 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਬਿਮਾਰੀਆਂ ਦੀ ਰੋਕਥਾਮ ਲਈ ਆਮ ਹਾਲਤ ਵਿੱਚ 200 ਲਿਟਰ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਲਈ 100-150 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਪਾਣੀ ਦਾ ਅੰਦਾਜਾ ਲਾਉਣ ਲਈ ਸਪਰੇ ਪੰਪ ਵਿੱਚ ਮਿਣਕੇ ਪਾਣੀ ਪਾਉ ਅਤੇ ਖੇਤ ਵਿੱਚ ਛਿੜਕਾਅ ਕਰੋ। ਇਸ ਤੋਂ ਬਾਅਦ ਛਿੜਕਾਅ ਕੀਤੇ ਰਕਬੇ ਨੂੰ ਮਿਣ ਲਵੋ ਅਤੇ ਹੇਠ ਲਿਖੇ ਤਰੀਕੇ ਅਨੁਸਾਰ ਪ੍ਰਤੀ ਏਕੜ ਪਾਣੀ ਦੀ ਲੋੜੀਂਦੀ ਮਾਤਰਾ ਕੱਢ ਲਉ:
- ਮਿਣੀ ਹੋਈ ਪਾਣੀ ਦੀ ਮਾਤਰਾ (ਲਿਟਰ) x 4000
- ਛਿੜਕਾਅ ਕੀਤਾ ਰਕਬਾ (ਵਰਗ ਮੀਟਰ)
ਘੋਲ ਬਣਾਉਣਾ
ਉੱਪਰ ਦੱਸੇ ਪਾਣੀ ਦੀ ਮਾਤਰਾ ਅਨੁਸਾਰ ਜਿੰਨ੍ਹੇ ਪੰਪ ਇੱਕ ਏਕੜ ਛਿੜਕਾਅ ਕਰਨ ਲਈ ਲੱਗਦੇ ਹਨ ਉਹਨੇ ਲਿਟਰ ਪਾਣੀ ਵਿੱਚ ਰਸਾਇਣ ਦਾ ਘੋਲ ਬਣਾ ਲਉ। ਉਦਾਹਰਣ ਦੇ ਤੌਰ ਤੇ ਜੇਕਰ 150 ਲਿਟਰ ਪਾਣੀ ਲੱਗਣਾ ਹੈ ਅਤੇ ਸਪਰੇਅ ਪੰਪ ਦੀ ਸਮਰੱਥਾ 15 ਲਿਟਰ ਹੈ ਤਾਂ ਇੱਕ ਏਕੜ ਵਿੱਚ ਛਿੜਕਾਅ ਲਈ 10 ਸਪਰੇਅ ਪੰਪ ਲੱਗਣਗੇ। ਇਸ ਲਈ ਇੱਕ ਏਕੜ ਲਈ ਲੋੜੀਂਦੇ ਰਸਾਇਣ ਨੂੰ ਥੋੜ੍ਹੇ ਪਾਣੀ ਵਿੱਚ ਘੋਲ ਕੇ ਬਾਅਦ ਵਿੱਚ 10 ਲਿਟਰ ਘੋਲ ਤਿਆਰ ਕਰ ਲਉ। ਛਿੜਕਾਅ ਕਰਨ ਸਮੇਂ ਇਸ ਘੋਲ ਵਿੱਚੋਂ 1 ਲਿਟਰ ਹਰ ਪੰਪ ਵਿੱਚ ਪਾ ਲਉ। ਜੇਕਰ ਟਰੈਕਟਰ ਵਾਲੇ ਪੰਪ ਨਾਲ ਛਿੜਕਾਅ ਕਰਨਾ ਹੋਵੇ ਤਾਂ ਉਸਦੇ ਟੈਂਕ ਦੀ ਸਮਰੱਥਾ ਅਨੁਸਾਰ ਰਸਾਇਣ ਦਾ ਘੋਲ ਬਣਾਉ।
ਛਿੜਕਾਅ ਦਾ ਤਰੀਕਾ
ਛਿੜਕਾਅ ਕਰਦੇ ਸਮੇਂ ਨੋਜ਼ਲ ਦੀ ਉਚਾਈ ਦਾ ਧਿਆਨ ਰੱਖਣਾ ਬਹੁਤ ਹੀ ਜ਼ਰੂਰੀ ਹੈ। ਫ਼ਸਲ ਉੱਪਰ ਨਦੀਨਨਾਸ਼ਕ, ਕੀਟਨਾਸ਼ਕ ਅਤੇ ਉੱਲੀਨਾਸ਼ਕ ਦੇ ਛਿੜਕਾਅ ਸਮੇਂ ਨੋਜ਼ਲ ਦੀ ਉਚਾਈ ਫ਼ਸਲ ਦੀ ਉੱਪਰਲੀ ਸਤਹ ਤੋਂ ਤਕਰੀਬਨ 1.5 ਫੁੱਟ ਉੱਚੀ ਅਤੇ ਫ਼ਸਲ ਦੀ ਬਿਜਾਈ ਸਮੇਂ ਨਦੀਨਾਂ ਦੀ ਰੋਕਥਾਮ ਲਈ ਨੋਜ਼ਲ ਦੀ ਉਚਾਈ ਜ਼ਮੀਨ ਤੋਂ 1.5 ਫੁੱਟ ਉੱਚੀ ਰੱਖੋ। ਛਿੜਕਾਅ ਸਿੱਧੀ ਪੱਟੀ ਵਿੱਚ ਕਰੋ ਅਤੇ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇੱਧਰ-ਉੱਧਰ ਨਾ ਘੁੰਮਾਉ।
ਰਸਾਇਣਾਂ ਦੇ ਛਿੜਕਾਅ ਲਈ ਸਾਵਧਾਨੀਆਂ
- ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਗਏ ਮਾਰਕੇ ਵਾਲੇ ਖੇਤੀ ਰਸਾਇਣ ਹੀ ਕਿਸੇ ਭਰੋਸੇਮੰਦ ਦੁਕਾਨਦਾਰ ਤੋਂ ਪੱਕੀ ਰਸੀਦ ਲੈਕੇ ਖਰੀਦੋ।
- ਰਸਾਇਣ ਦੀ ਮਿਕਦਾਰ ਅਤੇ ਛਿੜਕਾਅ ਦਾ ਸਮਾਂ ਹਮੇਸ਼ਾਂ ਸਿਫ਼ਾਰਸ਼ ਅਨੁਸਾਰ ਹੀ ਵਰਤੋ।
- ਇਕਸਾਰ ਛਿੜਕਾਅ ਲਈ ਮਲਟੀ ਬੂਮ ਨੋਜ਼ਲਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
- ਹਵਾ ਦੇ ਰੁੱਖ ਦੇ ਉਲਟ ਕਦੇ ਵੀ ਛਿੜਕਾਅ ਨਾ ਕਰੋ। ਹਮੇਸ਼ਾ ਛਿੜਕਾਅ ਘੱਟ ਹਵਾ ਵਾਲੇ ਦਿਨ ਅਤੇ ਸਿੱਧੀ ਪੱਟੀ ਵਿਚ ਕਰੋ।
- ਕਦੇ ਵੀ ਛਿੜਕਾਅ ਖਾਲੀ ਪੇਟ ਨਾ ਕਰੋ ਅਤੇ ਛਿੜਕਾਅ ਕਰਨ ਤੋਂ ਬਾਅਦ ਚੰਗੀ ਤਰ੍ਹਾਂ ਸਾਬਣ ਲਗਾ ਕੇ ਇਸਨਾਨ ਕਰੋ ਅਤੇ ਕੱਪੜੇ ਬਦਲ ਲਉ।
- ਛਿੜਕਾਅ ਕਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਸਪਰੇਅ ਪੰਪ ਨੂੰ ਸਰਫ਼ ਨਾਲ ਚੰਗੀ ਤਰ੍ਹਾਂ ਧੋ ਲਵੋ। ਜੇ ਹੋ ਸਕੇ ਤਾਂ ਨਦੀਨਨਾਸ਼ਕਾਂ ਅਤੇ ਕੀਟਨਾਸ਼ਕਾਂ/ਉੱਲ੍ਹੀਨਾਸ਼ਕਾਂ ਲਈ ਵੱਖੋ-ਵੱਖਰੇ ਸਪਰੇਅ ਪੰਪ ਰੱਖੋ।
- ਖੇਤ ਰਸਾਇਣਾਂ ਦੇ ਘੋਲ ਨੂੰ ਪੰਪ ਦੀ ਟਂੈਕੀ ਵਿੱਚ ਪਾਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਹਿਲਾ ਲਉ।
- ਛਿੜਕਾਅ ਕਰਨ ਵੇਲੇ ਦਸਤਾਨੇ, ਗੈਸਮਾਸਕ, ਪੂਰੀ ਬਾਂਹ ਦੀ ਕਮੀਜ਼ ਅਤੇ ਪਜ਼ਾਮਾ/ਪੈਂਟ ਜ਼ਰੂਰ ਪਾਉ।
- ਬੰਦ ਨੋਜ਼ਲ ਨੂੰ ਮੂੰਹ ਨਾਲ ਫੂਕ ਮਾਰ ਕੇ ਖੋਲਣ ਦੀ ਗਲਤੀ ਕਦੇ ਨਾ ਕਰੋ, ਉਸਨੂੰ ਖੋਲ ਕੇ ਚੰਗੀ ਤਰ੍ਹਾਂ ਅੰਦਰੋ ਸਾਫ ਕਰ ਲਉ।
- ਸਪਰੇਅ ਲਈ ਹਮੇਸ਼ਾਂ ਸਾਫ਼ ਪਾਣੀ ਹੀ ਵਰਤੋ।
- ਜੇਕਰ ਲੰਬੇ ਸਮੇਂ ਤੋਂ ਵਰਤੀ ਜਾ ਰਹੀ ਨੋਜ਼ਲ ਦੀ ਪਾਣੀ ਕੱਢਣ ਦੀ ਦਰ ਮੁੱਢਲੀ ਦਰ ਨਾਲੋਂ 10-15% ਵੱਧ ਜਾਵੇ ਤਾਂ ਇਸ ਨੂੰ ਬਦਲ ਲਉ।
- ਇਲੈਕਟਰੋਸਟੈਟਿਕ ਸਪਰੇਅਰ ਦੀ ਵਰਤੋ ਸਮੇਂ ਸਪਰੇਅ ਗੰਨ ਨੂੰ ਮੋਢਿਆਂ ਤੋਂ ਉੱਪਰ ਨਾ ਚੁੱਕੋ ਅਤੇ ਨੋਜ਼ਲ ਦੀ ਟਿੱਪ ਨੂੰ ਪੌਦਿਆਂ ਦੇ ਪੱਤਿਆਂ ਤੋਂ 1 ਤੋਂ 1.5 ਫੁੱਟ ਦੀ ਉਚਾਈ ਤੇ ਰੱਖਕੇ ਛਿੜਕਾਅ ਕਰੋ।
- ਇਲੈਕਟਰੋਸਟੈਟਿਕ ਸਪਰੇਅਰ ਨਾਲ ਛਿੜਕਾਅ ਕਰਨ ਲਈ ਸਿਰਫ 15 ਲਿਟਰ ਪਾਣੀ ਪ੍ਰਤੀ ਏਕੜ ਵਰਤੋ ਅਤੇ ਇਸਦੀ ਨੋਜ਼ਲ ਨੂੰ ਕਦੇ ਵੀ ਹੱਥ ਨਾ ਲਾਉ।
ਤੁਸੀ ਰਸਾਇਣਾਂ ਦੀ ਸਪਰੇ ਦੇ ਉੱਤਮ ਤਰੀਕੇ ਬਾਰੇ ਜਾਣਿਆ ਜੇਕਰ ਤੁਸੀ ਮਾਹਿਰਾਂ ਤੋਂ ਇਸ ਬਾਰੇ ਕੋਈ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਤੁਸੀ ਹੁਣੇ ਆਪਣੀ ਖੇਤੀ ਐੱਪ ਡਾਊਨਲੋਡ ਕਰੋ।
ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ