Rice Diseases

ਝੋਨੇ ਵਿੱਚ ਕਿਵੇਂ ਕਰੀਏ ਬਿਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ

ਇਹ ਸਮਾਂ ਝੋਨੇ ਦੀ ਫ਼ਸਲ ਲਈ ਬਹੁਤ ਨਾਜ਼ੁਕ ਹੁੰਦਾ ਹੈ, ਇਸ ਸਮੇਂ ਝੋਨਾ ਨਿਸਰਣਾ ਸ਼ੁਰੂ ਕਰਦਾ ਹੈ ਅਤੇ ਵੱਧ ਬਿਮਾਰੀਆਂ ਦਾ ਹਮਲਾ ਹੋਣ ਦਾ ਇਹ ਅਨੁਕੂਲ ਸਮਾਂ ਹੁੰਦਾ ਹੈ, ਝੋਨੇ ਵਿਚ ਇਸ ਸਮੇਂ ਬਿਮਾਰੀਆਂ ਅਤੇ ਕੀੜਿਆਂ ਦਾ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸਦੇ ਲੱਛਣਾਂ ਅਨੁਸਾਰ ਬਿਮਾਰੀ ਦੀ ਪਹਿਚਾਣ ਅਤੇ ਰੋਕਥਾਮ ਦੋਨੋਂ ਹੀ ਸਮੇਂ ਰਹਿੰਦੇ ਕਰਨੇ ਚਾਹੀਦੇ ਹਨ। ਹੇਠਾਂ ਇਨ੍ਹਾਂ ਦੀਆਂ ਬਿਮਾਰੀਆਂ ਅਤੇ ਲੱਛਣ ਦੱਸੇ ਗਏ ਹਨ।

 

ਝੋਨੇ ਦੇ ਸਿੱਟੇ ਕੁਤਰਨ ਵਾਲੀ ਸੁੰਡੀ

ਇਸ ਕੀੜੇ ਦੀਆਂ ਸੁੰਡੀਆਂ ਝੁੰਡਾਂ ਵਿੱਚ ਹੁੰਦੀਆਂ ਹਨ ਜਿਸ ਕਰਕੇ ਇਨ੍ਹਾਂ ਨੂੰ ਸੈਨਿਕ ਸੁੰਡੀਆਂ ਵੀ ਕਹਿੰਦੇ ਹਨ। ਛੋਟੀਆਂ ਸੁੰਡੀਆਂ ਪੌਦੇ ਦੇ ਪੱਤੇ ਖਾਂਦੀਆਂ ਹਨ ਅਤੇ ਪਿੱਛੋਂ ਵਿਚਕਾਰਲੀਆਂ ਨਾੜਾਂ ਅਤੇ ਤਣੇ ਰਹਿ ਜਾਂਦੇ ਹਨ। ਵੱਡੀਆਂ ਸੁੰਡੀਆਂ ਮੁੰਜਰਾਂ ਦੀਆਂ ਡੰਡੀਆਂ ਕੱਟ ਦਿੰਦੀਆਂ ਹਨ ਜਿਸ ਕਰਕੇ ਇਨ੍ਹਾਂ ਨੂੰ ਝੋਨੇ ਦੇ ਸਿੱਟੇ ਕੁਤਰਨ ਵਾਲੀ ਸੁੰਡੀ ਕਿਹਾ ਜਾਂਦਾ ਹੈ। ਇਸ ਅਵਸਥਾ ਵਿੱਚ ਇਹ ਸੁੰਡੀ ਝੋਨੇ ਦੀ ਫ਼ਸਲ ਦਾ ਬਹੁਤ ਨੁਕਸਾਨ ਕਰਦੀ ਹੈ। ਸਤੰਬਰ ਤੋਂ ਨਵੰਬਰ ਤੱਕ ਫ਼ਸਲ ਦਾ ਬਹੁਤ ਨੁਕਸਾਨ ਹੁੰਦਾ ਹੈ।

 

ਜੜ੍ਹਾਂ ਦੀ ਸੁੰਡੀ

ਇਸ ਦਾ ਹਮਲਾ ਰਾਜਪੁਰੇ ਦੇ ਇਲਾਕੇ ਦੇ ਆਸ-ਪਾਸ ਬਹੁਤ ਹੁੰਦਾ ਹੈ ਪਰ ਇਹ ਕੀੜਾ ਪ੍ਰਾਂਤ ਦੇ ਹੋਰ ਇਲਾਕਿਆਂ ਵਿੱਚ ਵੀ ਦੇਖਣ ਵਿੱਚ ਆਇਆ ਹੈ। ਇਸ ਸੁੰਡੀ ਦੀਆਂ ਲੱਤਾਂ ਨਹੀ ਹੁੰਦੀਆਂ। ਇਸ ਦਾ ਰੰਗ ਚਿੱਟਾ ਹੁੰਦਾ ਹੈ। ਇਹ ਸੁੰਡੀ ਜੁਲਾਈ ਤੋਂ ਸਤੰਬਰ ਤੱਕ ਜ਼ਮੀਨ ਵਿੱਚ ਬੂਟੇ ਦੀਆਂ ਜੜਾਂ ਨੂੰ ਖਾਂਦੀ ਹੈ ਅਤੇ ਹਮਲੇ ਵਾਲੇ ਬੂਟੇ ਛੋਟੇ ਰਹਿ ਜਾਂਦੇ ਹਨ, ਪੀਲੇ ਪੈ ਜਾਂਦੇ ਹਨ ਅਤੇ ਪੂਰਾ ਜਾੜ ਨਹੀਂ ਮਾਰਦੇ।

 

ਝੂਠੀ ਕਾਂਗਿਆਰੀ

ਇਸ ਬਿਮਾਰੀ ਨਾਲ ਦਾਣਿਆਂ ਦੀ ਥਾਂ ਪੀਲੇ ਤੋਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਦੇ ਹਨ। ਜੇਕਰ ਫ਼ਸਲ ਨਿਸਰਣ ਸਮੇਂ ਮੀਂਹ, ਬੱਦਲਵਾਈ ਅਤੇ ਵਧੇਰੇ ਸਿੱਲ੍ਹ ਰਹੇ ਤਾਂ ਇਹ ਬਿਮਾਰੀ ਜ਼ਿਆਦਾ ਲੱਗਦੀ ਹੈ। ਰੂੜੀ ਅਤੇ ਨਾਈਟ੍ਰੋਜਨ ਵਾਲੀਆਂ ਖਾਦਾਂ ਦੀ ਜ਼ਿਆਦਾ ਵਰਤੋਂ ਕਰਕੇ ਵੀ ਇਸ ਬਿਮਾਰੀ ਦਾ ਵਾਧਾ ਬਹੁਤ ਹੁੰਦਾ ਹੈ।

ਇਸ ਬਿਮਾਰੀ ‘ਤੇ ਕਾਬੂ ਪਾਉਣ ਲਈ ਜਦੋਂ ਫ਼ਸਲ ਗੋਭ ਵਿੱਚ ਹੋਵੇ, 400 ਮਿਲੀਲੀਟਰ ਗਲੀਲਿਓ ਵੇਅ18.76 ਐਸ ਸੀ (ਪਿਕੋਕਸੀਸਟ੍ਰੋਬਿਨ + ਪ੍ਰੋਪੀਕੋਨਾਜ਼ੋਲ) ਜਾਂ 500 ਗ੍ਰਾਮ ਕੋਸਾਈਡ 46 ਡੀ ਐਫ਼ (ਕਾਪਰ ਹਾਈਡਰੋਆਕਸਾਈਡ) ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।

 

ਭੂਰੇ ਧੱਬਿਆਂ ਦਾ ਰੋਗ

ਇਸ ਨਾਲ ਗੋਲ, ਅੱਖ ਦੀ ਸ਼ਕਲ ਵਰਗੇ ਧੱਬੇ ਪੈ ਜਾਂਦੇ ਹਨ ਜੋ ਕਿ ਵਿਚਕਾਰੋਂ ਗੂੜ੍ਹੇ ਭੂਰੇ ਅਤੇ ਬਾਹਰੋਂ ਹਲਕੇ ਭੂਰੇ ਰੰਗ ਦੇ ਹੁੰਦੇ ਹਨ। ਇਹ ਧੱਬੇ ਦਾਣਿਆਂ ਉੱਤੇ ਵੀ ਪੈ ਜਾਂਦੇ ਹਨ। ਇਹ ਬਿਮਾਰੀ ਮਾੜੀਆਂ ਜ਼ਮੀਨਾਂ ਵਿੱਚ ਫ਼ਸਲ ਨੂੰ ਔੜ ਲੱਗਣ ਨਾਲ ਵਧੇਰੇ ਆਉਂਦੀ ਹੈ। ਇਸ ਕਰਕੇ ਫ਼ਸਲ ਨੂੰ ਸੰਤੁਲਤ ਖਾਦ ਪਾਉਣੀ ਚਾਹੀਦੀ ਹੈ।

ਇਸ ਰੋਗ ਦੀ ਰੋਕਥਾਮ ਲਈ ਨਟੀਵੋ 75 ਡਬਲਯੂ ਜੀ (ਟਰਾਈਫਲੋਕਸੀਸਟੋਰਬਿਨ+ਟੈਬੂਕੋਨਾਜ਼ੋਲ) 80 ਗ੍ਰਾਮ ਪ੍ਰਤੀ ਏਕੜ 200 ਲੀਟਰ ਪਾਣੀ ਵਿੱਚ ਘੋਲ ਕੇ ਦੋ ਵਾਰ ਛਿੜਕੋ। ਪਹਿਲਾ ਛਿੜਕਾਅ ਜਾੜ ਮਾਰਨ ਸਮੇਂ ਅਤੇ ਦੂਸਰਾ ਛਿੜਕਾਅ 15 ਦਿਨਾਂ ਪਿੱਛੋਂ ਕਰੋ।

 

ਭੁਰੜ ਰੋਗ

ਪੱਤਿਆਂ ਉੱਤੇ ਸਲੇਟੀ ਰੰਗ ਦੇ ਧੱਬੇ ਪੈ ਜਾਂਦੇ ਹਨ ਜੋ ਕਿ ਕਿਨਾਰਿਆਂ ਤੋਂ ਭੂਰੇ ਰੰਗ ਦੇ ਹੁੰਦੇ ਹਨ। ਇਸ ਨਾਲ ਮੁੰਜਰਾਂ ਦੇ ਮੁੱਢ ‘ਤੇ ਕਾਲੇ ਦਾਗ ਪੈ ਜਾਂਦੇ ਹਨ ਅਤੇ ਮੁੰਜਰਾਂ ਹੇਠਾਂ ਵੱਲ ਝੁੱਕ ਜਾਂਦੀਆਂ ਹਨ। ਇਸ ਬਿਮਾਰੀ ਦਾ ਹਮਲਾ ਬਾਸਮਤੀ ਉੱਤੇ ਖਾਸ ਤੌਰ ‘ਤੇ ਜਿੱਥੇ ਨਾਈਟ੍ਰੋਜਨ ਖਾਦਾਂ ਦੀ ਵਧੇਰੇ ਮਾਤਰਾ ਪਾਈ ਗਈ ਹੋਵੇ, ਵਧੇਰੇ ਹੁੰਦਾ ਹੈ। ਇਸ ਦੀ ਰੋਕਥਾਮ ਲਈ 200 ਮਿਲੀਲੀਟਰ ਐਮੀਸਟਾਰ ਟੌਪ 325 ਐਸ ਸੀ (ਐਜੋਕਸੀਸਟਰੋਬਿਨ+ਡਾਈਫੈਨੋਕੋਨਾਜ਼ੋਲ) ਜਾਂ 500 ਗ੍ਰਾਮ ਇੰਡੋਫ਼ਿਲ ਜ਼ੈਡ-78, 75 ਡਬਲਯੂ ਪੀ (ਜ਼ਿਨੇਬ) ਨੂੰ 200 ਲੀਟਰ ਪਾਣੀ ਪ੍ਰਤੀ ਏਕੜ ਵਿੱਚ ਘੋਲ ਕੇ ਫ਼ਸਲ ਦੇ ਗੋਭ ਵਿੱਚ ਆਉਣ ਅਤੇ ਮੁੰਜਰਾਂ ਨਿਕਲਣ ਦੇ ਸ਼ੁਰੂ ਵਿੱਚ ਛਿੜਕਾਅ ਕਰੋ।

 

ਬੰਟ (ਭੁਨਟ)

ਇਸ ਬਿਮਾਰੀ ਕਾਰਨ ਸਿੱਟੇ ਵਿੱਚ ਕੁੱਝ ਦਾਣਿਆਂ ‘ਤੇ ਅਸਰ ਹੁਂੰਦਾ ਹੈ। ਆਮ ਕਰਕੇ ਦਾਣੇ ਦਾ ਕੁੱਝ ਹਿੱਸਾ ਕਾਲੇ ਪਾਊਡਰ ਵਿੱਚ ਬਦਲ ਜਾਂਦਾ ਹੈ। ਕਈ ਵਾਰ ਸਾਰਾ ਦਾਣਾ ਹੀ ਕਾਲਾ ਪਾਊਡਰ ਬਣ ਜਾਂਦਾ ਹੈ ਅਤੇ ਇਹ ਕਾਲਾ ਮਾਦਾ ਦੂਜੇ ਦਾਣਿਆਂ ਅਤੇ ਪੱਤਿਆਂ ਉੱਤੇ ਖਿਲਰ ਜਾਂਦਾ ਹੈ। ਨਾਈਟ੍ਰੋਜਨ ਖਾਦਾਂ ਦੀ ਵਧੇਰੇ ਮਾਤਰਾ ਵਰਤਣ ਤੋਂ ਸੰਕੋਚ ਕਰੋ।

 

ਤਣੇ ਦੁਆਲੇ ਪੱਤੇ ਦਾ ਗਲਣਾ

ਤਣੇ ਦੁਆਲੇ ਪੱਤੇ ਗਲਣ ਦਾ ਰੋਗ ਸਭ ਤੋਂ ਉਪਰਲੇ ਪੱਤੇ ਦੀ ਸ਼ੀਥ (ਪੱਤੇ ਦਾ ਉਹ ਹਿੱਸਾ ਜੋ ਤਣੇ ਨਾਲ ਲਿਪਟਿਆ ਹੁੰਦਾ ਹੈ) ਦੇ ਗਲਣ ਕਰਕੇ ਜ਼ਾਹਿਰ ਹੁੰਦਾ ਹੈ। ਇਸ ਦੇ ਅਸਰ ਨਾਲ ਪੱਤਿਆਂ ਦੀ ਸ਼ੀਥ ‘ਤੇ ਲਂੰਬੂਤਰੇ ਤੋਂ ਹਲਕੇ ਭੂਰੇ ਰੰਗ ਦੇ ਚੱਟਾਖ ਪੈ ਜਾਂਦੇ ਹਨ। ਇਹ ਚੱਟਾਖ ਆਮ ਤੌਰ ‘ਤੇ ਇੱਕ ਦੂਜੇ ਨਾਲ ਮਿਲ ਕੇ ਪੱਤੇ ਦੀ ਸਾਰੀ ਸ਼ੀਥ ਉੱਤੇ ਫੈਲ ਜਾਂਦੇ ਹਨ।

ਗੰਭੀਰ ਹੱਲੇ ਦੀ ਸੂਰਤ ਵਿੱਚ ਸ਼ੀਥ ਵਿੱਚੋਂ ਨਾਜ਼ੁਕ ਕਰੂੰਬਲਾਂ ਜਾਂ ਤਾਂ ਨਿਕਲਦੀਆਂ ਹੀ ਨਹੀਂ ਜਾਂ ਅੱਧ-ਪਚੱਧੀਆਂ ਹੀ ਨਿਕਲਦੀਆਂ ਹਨ। ਇਨ੍ਹਾਂ ਨਵੀਆਂ ਪੁੰਗਰ ਰਹੀਆਂ ਕਰੂੰਬਲਾਂ ਉਤੇ ਚਿੱਟੇ ਰੰਗ ਦੀ ਧੂੜੇ ਵਰਗੀ ਉੱਲੀ ਪੈਦਾ ਹੋ ਜਾਂਦੀ ਹੈ। ਇਸ ਰੋਗ ਨਾਲ ਮੁੰਜਰਾਂ ਥੋਥੀਆਂ ਰਹਿ ਜਾਂਦੀਆਂ ਹਨ ਅਤੇ ਗੂੜ੍ਹੇ ਲਾਲ ਜਾਂ ਜਾਮਣੀ ਭੂਰੇ ਤੋਂ ਕਾਲੇ ਰੰਗ ਦੀਆਂ ਹੋ ਜਾਂਦੀਆਂ ਹਨ। ਇਹ ਉੱਲੀ ਸਿਆਲ ਵਿੱਚ ਦਾਣਿਆਂ ਅਤੇ ਪਰਾਲੀ ਉੱਤੇ ਰਹਿੰਦੀ ਹੈ। ਜਿਸ ਫ਼ਸਲ ਉੱਤੇ ਇਸ ਦਾ ਵਧੇਰੇ ਹਮਲਾ ਹੋਵੇ ਉਸ ਦੀ ਪਰਾਲੀ, ਦਾਣੇ ਝਾੜਨ ਪਿੱਛੋਂ ਨਸ਼ਟ ਕਰ ਦੇਣੀ ਚਾਹੀਦੀ ਹੈ। ਬਿਮਾਰੀ ਤੋਂ ਰਹਿਤ ਬੀਜ ਵਰਤਣ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।

ਇਸ ਬਿਮਾਰੀ ‘ਤੇ ਕਾਬੂ ਪਾਉਣ ਲਈ 26.8 ਗ੍ਰਾਮ ਪ੍ਰਤੀ ਏਕੜ ਐਪਿਕ 75 ਡਬਲਯੂ ਜੀ (ਹੈਕਸਾਕੋਨਾਜ਼ੋਲ) ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਪਹਿਲਾ ਛਿੜਕਾਅ ਜਦੋਂ ਫ਼ਸਲ ਗੋਭ ਵਿੱਚ ਹੋਵੇ, ਉਸ ਵੇਲੇ ਕਰੋ। ਦੂਜਾ ਛਿੜਕਾਅ 15 ਦਿਨਾਂ ਦੇ ਵਕਫ਼ੇ ਨਾਲ ਕਰੋ।

ਇਹ ਸਨ ਝੋਨੇ ਦੀਆਂ ਇਸ ਸਮੇਂ ਬਿਮਾਰੀਆਂ ਅਤੇ ਕੀਟ ਦੇ ਹਮਲੇ ਦੇ ਲੱਛਣ, ਇਹਨਾਂ ਬਾਰੇ ਹੋਰ ਜਾਣਕਾਰੀ ਲਈ ਅਤੇ ਮਾਹਿਰਾਂ ਤੋਂ ਸੰਖੇਪ ਸਲਾਹ ਲਈ ਡਾਊਨਲੋਡ ਕਰੋ ਆਪਣੀ ਖੇਤੀ ਐੱਪ

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ