ਡੇਅਰੀ ਫਾਰਮ ਨੂੰ ਜੇਕਰ ਸਹੀ ਤਰੀਕੇ ਤੇ ਸਹੀ ਜਾਣਕਾਰੀ ਨਾਲ ਸ਼ੁਰੂ ਕੀਤਾ ਜਾਵੇ ਤਾਂ ਇਹ ਬਹੁਤ ਸਫ਼ਲ ਧੰਦਾ ਹੈ ਕਿਉਂਕਿ ਇੱਕ ਤਾਂ ਇਹ ਖੇਤੀਬਾੜੀ ਦਾ ਸਭ ਤੋਂ ਸਹਾਇਕ ਧੰਦਾ ਹੈ। ਵੱਡੇ ਪੱਧਰ ਤੇ ਡੇਅਰੀ ਫਾਰਮ ਸ਼ੁਰੂ ਕਰਨ ਲਈ ਸਭ ਤੋਂ ਪਹਿਲਾਂ ਕਿਸੇ ਸਫ਼ਲ ਡੇਅਰੀ ਫਾਰਮਰ ਦੀ ਡੇਅਰੀ ਤੇ ਕੁੱਝ ਦਿਨ ਤੱਕ ਰਹਿ ਕੇ ਇਸ ਕੰਮ ਦੀਆਂ ਬਰੀਕੀਆਂ ਨੂੰ ਜਾਣੋ ਕਿਉਂਕਿ ਕੁੱਝ ਗੱਲਾਂ ਦਾ ਗਿਆਨ ਸਿਰਫ਼ ਖੁਦ ਕੰਮ ਨੂੰ ਦੇਖਕੇ ਹੀ ਪਤਾ ਚੱਲਦਾ ਹੈ । ਬਾਕੀ ਕੁੱਝ ਹੋਰ ਗੱਲਾਂ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ।
• ਤੁਸੀ ਇੱਕੋ ਵਾਰ ਇਕੱਠੀਆਂ ਗਾਵਾਂ ਨਾ ਖਰੀਦੋ, ਗਾਵਾਂ ਨੂੰ 2 -2 ਮਹੀਨਿਆ ਤੇ ਵਕਫੇ ਤੇ ਖਰੀਦੋ ਜਾਂ ਫਿਰ 3 ਪਹਿਲਾਂ ਖਰੀਦ ਲਓ ਤੇ 3 ਮਹੀਨੇ ਬਾਅਦ ਫਿਰ ਖਰੀਦ ਲਵੋ। ਇਸ ਨਾਲ ਦੁੱਧ ਦੀ ਕਮੀ ਨਹੀਂ ਆਵੇਗੀ।
• ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜ਼ਰੂਰੀ ਹੈ। ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ। ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ।
• ਲਵੇਰੀਆਂ ਨੂੰ ਖਰੀਦਣ ਦਾ ਸਹੀ ਸਮਾਂ ਰੱਖੜੀਆਂ ਤੋਂ ਲੈ ਕੇ ਵਿਸਾਖੀ ਤੱਕ ਦਾ ਹੁੰਦਾ ਹੈ ਕਿਉਂਕਿ ਇਸ ਸਮੇਂ ਮੌਸਮ ਸੁਖਾਵਾਂ ਹੋਣ ਕਾਰਨ ਹਰਾ ਚਾਰਾ ਵੀ ਖੁੱਲਾ ਹੁੰਦਾ ਹੈ।
• ਲਵੇਰੀਆਂ ਲਈ ਸ਼ੈਡ ਆਵਾਜਾਈ ਵਾਲੀ ਸੜਕ ਤੇ ਨਾ ਬਣਾਓ ਅਤੇ ਸ਼ੈਂਡ ਸੜਕ ਤੋਂ ਘੱਟੋ-ਘੱਟ 100 ਗਜ ਹਟਵਾ ਜ਼ਰੂਰ ਹੋਵੇ। ਸ਼ੈਡ ਨੂੰ ਧੁੱਪ ਅਤੇ ਹਵਾ ਦਾ ਧਿਆਨ ਰੱਖ ਕੇ ਬਣਾਓ।
• ਸ਼ੈਡ ਹਮੇਸ਼ਾ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਂਕਿ ਨੀਵੀ ਥਾਂ ਤੇ ਪਾਣੀ ਖੜ੍ਹ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ।
• ਪਸ਼ੂਆਂ ਲਈ ਬਣਾਈ ਜਾਣ ਵਾਲੀ ਖੁਰਲੀ ਢਾਈ-ਤਿੰਨ ਫੁੱਟ ਚੌੜੀ ਹੋਣੀ ਚਾਹੀਦੀ ਹੈ। ਖੁਰਲੀ ਤੇ ਖੜ੍ਹਨ ਲਈ ਇੱਕ ਪਸ਼ੂ ਨੂੰ ਤਕਰੀਬਨ ਚਾਰ ਫੁੱਟ ਜਗ੍ਹਾ ਚਾਹੀਦੀ ਹੈ ਮਤਲਬ 10 ਪਸ਼ੂਆਂ ਲਈ 40 ਫੁੱਟ ਲੰਬੀ ਖੁਰਲੀ ਬਣੇਗੀ।
• ਡੇਅਰੀ ਫਾਰਮ ਨਾਲ ਸਬੰਧਿਤ ਸਮਾਨ ਰੱਖਣ ਲਈ ਸਟੋਰ ਬਣਾਓ । ਪਸ਼ੂਆਂ ਦੀ ਵੰਡ/ਦਾਣਾ ਸਟੋਰ ਕਰਨ ਲਈ ਕਮਰਾ ਸਿਲਾਬ ਤੋਂ ਰਹਿਤ ਹੋਣਾ ਬਹੁਤ ਜ਼ਰੂਰੀ ਹੈ।
• ਸ਼ੈਡ ਦਾ ਫਰਸ਼ ਪੱਕਾ, ਤਿਲਕਣ ਰਹਿਤ ਤੇ ਜਲਦੀ ਸਾਫ਼ ਹੋਣ ਵਾਲਾ ਹੋਵੇ।
• ਸ਼ੈਡ ਵਿੱਚ ਜਿੰਨਾ ਹੋ ਸਕੇ ਪਸ਼ੂਆਂ ਨੂੰ ਖੁੱਲਾ ਛੱਡੋ ਤੇ ਪਾਣੀ ਤੇ ਦਾਣਾ ਪੂਰਾ ਦਿਓ। ਪਸ਼ੂ ਨੂੰ ਖੁੱਲਾ ਛੱਡਣ ਨਾਲ ਪਸ਼ੂਆਂ ਵਿੱਚ ਅਫਾਰੇ ਦੀ ਸਮੱਸਿਆਂ ਘੱਟ ਆਉਂਦੀ ਹੈ।
• ਬਾਕੀ ਆਪਣੀ ਲੋੜ ਤੇ ਸਮਰੱਥਾ ਮੁਤਾਬਿਕ ਹੀ ਸਮਾਨ ਖਰੀਦੋ ਅਤੇ ਆਰਥਿਕ ਨੁਕਸਾਨ ਤੋਂ ਬਚਣ ਲਈ ਹਰੇਕ ਲਵੇਰੀ ਦਾ ਬੀਮਾ ਜ਼ਰੂਰ ਕਰਵਾਓ।
ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ